ਵਿਰੋਧੀ ਧਿਰ ਵਲੋਂ ਅਵਿਸ਼ਵਾਸ ਪ੍ਰਸਤਾਵ ਲਿਆਉਣ ''ਤੇ PM ਮੋਦੀ ਨੇ ਵਿੰਨ੍ਹਿਆ ਨਿਸ਼ਾਨਾ
Tuesday, Aug 08, 2023 - 12:24 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡੈਵਲਪਮੈਂਟਲ ਇਨਕਲਿਊਸਿਵ ਅਲਾਇੰਸ ਯਾਨੀ 'ਇੰਡੀਆ' 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਖ਼ੁਦ ਅਵਿਸ਼ਵਾਸ ਨਾਲ ਭਰਿਆ ਹੋਇਆ ਹੈ, ਇਸ ਲਈ ਉਹ ਸੰਸਦ 'ਚ ਸਰਕਾਰ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲੈ ਕੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਬੈਠਕ 'ਚ ਮੌਜੂਦ ਭਾਜਪਾ ਦੇ ਇਕ ਸੰਸਦ ਮੈਂਬਰ ਅਨੁਸਾਰ ਪੀ.ਐੱਮ. ਮੋਦੀ ਨੇ ਕਿਹਾ,''ਵਿਰੋਧੀ ਧਿਰ ਅਵਿਸ਼ਵਾਸ ਨਾਲ ਭਰਿਆ ਹੋਇਆ ਹੈ ਅਤੇ ਇਸ ਨੂੰ ਦਿਖਾਉਣ ਲਈ ਉਹ ਅਵਿਸ਼ਵਾਸ ਲੈ ਕੇ ਆਏ ਹਨ।'' ਪ੍ਰਧਾਨ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਮੰਗਲਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ 'ਤੇ ਚਰਚਾ ਸ਼ੁਰੂ ਹੋਣੀ ਹੈ।
ਵਿਰੋਧੀ ਧਿਰ ਵਲੋਂ ਇਸ ਚਰਚਾ ਦੀ ਸ਼ੁਰੂਆਤ ਕਾਂਗਰਸ ਨੇਤਾ ਰਾਹੁਲ ਗਾਂਧੀ ਕਰ ਸਕਦੇ ਹਨ। ਸੂਤਰਾਂ ਅਨੁਸਾਰ, ਪੀ.ਐੱਮ. ਮੋਦੀ ਨੇ ਵਿਰੋਧੀ ਗਠਜੋੜ ਨੂੰ 'ਘਮੰਡੀ' ਕਰਾਰ ਦਿੱਤਾ ਅਤੇ ਦਿੱਲੀ ਸੇਵਾ ਬਿੱਲ 'ਤੇ ਵੋਟਿੰਗ 'ਚ 'ਸੈਮੀਫਾਈਨਲ' ਜਿੱਤ ਲਈ ਪਾਰਟੀ ਦੇ ਰਾਜ ਸਭਾ ਮੈਂਬਰਾਂ ਨੂੰ ਵਧਾਈ ਦਿੱਤੀ। ਦਿੱਲੀ ਸੇਵਾ ਬਿੱਲ ਨੂੰ ਸੋਮਵਾਰ ਨੂੰ ਸੰਸਦ ਦੀ ਮਨਜ਼ੂਰੀ ਮਿਲ ਗਈ, ਕਿਉਂਕਿ ਰਾਜ ਸਭਾ ਨੇ ਇਸ ਨੂੰ ਵਿਵਾਦਿਤ ਬਿੱਲ ਨੂੰ ਪਾਸ ਕਰ ਦਿੱਤਾ। ਲੋਕ ਸਭਾ 'ਚ ਸੱਤਾਧਾਰੀ ਪਾਰਟੀ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਦਾ ਅਸਫ਼ਲ ਹੋਣਾ ਤੈਅ ਸਮਝਿਆ ਜਾ ਰਿਹਾ ਹੈ। ਉਨ੍ਹਾਂ ਨੇ 2018 ਦੇ ਆਪਣੇ ਭਾਸ਼ਣ ਦਾ ਵੀ ਜ਼ਿਕਰ ਕੀਤਾ, ਜਿਸ 'ਚ ਉਨ੍ਹਾਂ ਨੇ ਵਿਰੋਧੀ ਧਿਰ ਨੂੰ 2023 'ਚ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਉਣ ਦੀ ਗੱਲ ਕਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8