ਮੋਦੀ ਨੇ ਸਾਬਕਾ PM ਚੌਧਰੀ ਚਰਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਨੇ ਕੀਤਾ ‘ਹਵਨ’

12/23/2020 1:05:55 PM

ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਅੱਜ 28ਵਾਂ ਦਿਨ ਹੈ। ਅੱਜ ਭਾਰਤ ਦੇ ਕਿਸਾਨ ਨੇਤਾ ਰਹੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ਵੀ ਹੈ। ਉਨ੍ਹਾਂ ਦਾ ਜਨਮ ਦਿਨ ‘ਕਿਸਾਨ ਦਿਹਾੜੇ’ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। 

ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਉਹ ਜ਼ਿੰਦਗੀ ਭਰ ਪਿੰਡਾਂ ਅਤੇ ਕਿਸਾਨਾਂ ਦੇ ਵਿਕਾਸ ਪ੍ਰਤੀ ਸਮਰਪਿਤ ਰਹੇ, ਜਿਸ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਚੌਧਰੀ ਚਰਨ ਸਿੰਘ ਦਾ ਜਨਮ 23 ਦਸੰਬਰ 1902 ਨੂੰ ਹੋਇਆ ਸੀ। ਉਨ੍ਹਾਂ ਦੀ ਜਯੰਤੀ ਦੇਸ਼ ਵਿਚ ‘ਕਿਸਾਨ ਦਿਹਾੜਾ’ ਦੇ ਰੂਪ ’ਚ ਮਨਾਈ ਜਾਂਦੀ ਹੈ। ਉਨ੍ਹਾਂ ਨੇ ਕਿਸਾਨਾਂ ਦੀ ਜ਼ਿੰਦਗੀ ਅਤੇ ਹਲਾਤਾਂ ਨੂੰ ਬਿਹਤਰ ਬਣਾਉਣ ਲਈ ਕਈ ਨੀਤੀਆਂ ਦੀ ਸ਼ੁਰੂਆਤ ਕੀਤੀ ਸੀ। ਭਾਰਤ ਸਰਕਾਰ ਨੇ ਸਾਲ 2001 ’ਚ ਚੌਧਰੀ ਚਰਨ ਸਿੰਘ ਦੇ ਸਨਮਾਨ ’ਚ ਹਰ ਸਾਲ 23 ਦਸੰਬਰ ਨੂੰ ਕਿਸਾਨ ਦਿਹਾੜੇ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ। 

ਓਧਰ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ਮੌਕੇ ’ਤੇ ਗਾਜ਼ੀਪੁਰ ਸਰਹੱਦ ’ਤੇ ਕਿਸਾਨ ‘ਹਵਨ’ ਕਰਦੇ ਹੋਏ ਨਜ਼ਰ ਆਏ ਹਨ। ਦੱਸ ਦੇਈਏ ਕਿ ਗਾਜ਼ੀਪੁਰ ਸਰਹੱਦ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੂੰ ਅੱਜ 26 ਦਿਨ ਹੋ ਗਏ ਹਨ।

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋਧ ਲਈ ਤਿਆਰ ਹੈ। ਕਿਸਾਨ ਨੂੰ ਖ਼ਦਸ਼ਾ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਰਹਿਣਾ ਪਵੇਗਾ। 

Tanu

This news is Content Editor Tanu