ਦੋਵਾਂ ਸਦਨਾਂ ''ਚ ''ਐਂਟੀ ਪੇਪਰ ਲੀਕ ਬਿੱਲ'' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ

Thursday, Jul 30, 2026 - 10:55 PM (IST)

ਦੋਵਾਂ ਸਦਨਾਂ ''ਚ ''ਐਂਟੀ ਪੇਪਰ ਲੀਕ ਬਿੱਲ'' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਿਸ਼ੇਸ਼ ਵੀਡੀਓ ਸੰਦੇਸ਼ ਰਾਹੀਂ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਇਕ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਸਥਾਪਤ ਕਰਨ ਲਈ ਸਰਕਾਰ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਸਦ ਦੇ ਦੋਵਾਂ ਸਦਨਾਂ ਨੇ ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਬੰਧਾਂ ਵਾਲੇ ਬਿੱਲ ਨੂੰ ਪਾਸ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਦੇਸ਼ ਦੇ ਵੱਖ-ਵੱਖ ਰਾਜ ਅਤੇ ਕੇਂਦਰ ਸਰਕਾਰਾਂ ਪੇਪਰ ਲੀਕ ਦੀ ਸਮੱਸਿਆ ਦਾ ਸਾਹਮਣਾ ਕਰ ਰਹੀਆਂ ਹਨ, ਜਿਸ ਕਾਰਨ ਬੱਚਿਆਂ ਦੇ ਭਵਿੱਖ 'ਤੇ ਵੱਡਾ ਸੰਕਟ ਪੈਦਾ ਹੋ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ 'ਪੇਪਰ ਮਾਫੀਆ' ਜਾਂ ਗੈਂਗ ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸੇ ਮਕਸਦ ਲਈ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ 'ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਮਾਨਯੋਗ ਸੰਸਦ ਮੈਂਬਰਾਂ ਵੱਲੋਂ ਵਿਸਤ੍ਰਿਤ ਚਰਚਾ ਕੀਤੀ ਗਈ ਅਤੇ ਹੁਣ ਇਸ ਨੂੰ ਪਾਸ ਕਰ ਦਿੱਤਾ ਗਿਆ ਹੈ।

ਪੀਐੱਮ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਦੇਸ਼ ਵਿਆਪੀ ਪੱਧਰ 'ਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਟਾਸਕ ਫੋਰਸ ਅਤੇ ਫਾਸਟ ਟਰੈਕ ਪ੍ਰਣਾਲੀਆਂ ਦੀ ਰਚਨਾ ਕੀਤੀ ਜਾ ਰਹੀ ਹੈ ਅਤੇ ਰਾਜਾਂ ਦੇ ਸੁਝਾਵਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਪ੍ਰੀਖਿਆਵਾਂ ਨੂੰ ਪਾਰਦਰਸ਼ੀ ਬਣਾਉਣ ਲਈ ਟੈਕਨਾਲੋਜੀ ਦੀ ਭਰਪੂਰ ਵਰਤੋਂ ਕੀਤੀ ਜਾਵੇਗੀ।

ਉਨ੍ਹਾਂ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਕਿਹਾ ਕਿ ਅਜਿਹੀਆਂ ਮਾੜੀਆਂ ਪ੍ਰਸਥਿਤੀਆਂ ਨੂੰ ਹੁਣ ਲੰਬੇ ਸਮੇਂ ਤੱਕ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 'ਵਿਕਸਿਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣ।


author

Inder Prajapati

Content Editor

Related News