ਕਿਸਾਨਾਂ ਬਾਰੇ PM ਟਰੂਡੋ ਦੇ ਬਿਆਨ ’ਤੇ ਰਾਜਨਾਥ ਬੋਲੇ- ‘ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਬੋਲਣਾ ਬੰਦ ਕਰੋ’

Wednesday, Dec 30, 2020 - 02:05 PM (IST)

ਨਵੀਂ ਦਿੱਲੀ— ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ 35ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਵਿਦੇਸ਼ਾਂ ’ਚ ਵੀ ਕਿਸਾਨ ਅੰਦੋਲਨ ਦੀ ਗੂੰਜ ਹੈ ਅਤੇ ਕਿਸਾਨਾਂ ਦੇ ਸਮਰਥਨ ’ਚ ਰੋਸ ਮੁਜ਼ਾਹਰੇ ਹੋ ਰਹੇ ਹਨ। ਦਿੱਲੀ ’ਚ ਧਰਨਿਆਂ ’ਤੇ ਡਟੇ ਕਿਸਾਨਾਂ ਨੂੰ ਵੱਖ-ਵੱਖ ਸੂਬਿਆਂ ਤੋਂ ਸਮਰਥਨ ਮਿਲ ਰਿਹਾ ਹੈ। ਪਿਛਲੇ ਮਹੀਨੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਚਿੰਤਾ ਜਤਾਈ ਸੀ ਅਤੇ ਬਿਆਨ ਦਿੱਤਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਖੜ੍ਹਾ ਰਹੇਗਾ। ਟਰੂਡੋ ਦੇ ਇਸ ਬਿਆਨ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਖ਼ਤ ਪ੍ਰਤੀਕ੍ਰਿਰਿਆ  ਦਿੱਤੀ ਹੈ। ਰਾਜਨਾਥ ਸਿੰਘ ਨੇ ਅੱਜ ਇਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ’ਚ ਟਰੂਡੋ ਦੇ ਬਿਆਨ ਬਾਰੇ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਅਸੀਂ ਆਪਸ ’ਚ ਬੈਠ ਕੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ। 

 

ਰਾਜਨਾਥ ਨੇ ਅੱਗੇ ਕਿਹਾ ਕਿ ਸਭ ਤੋਂ ਪਹਿਲੀ ਗੱਲ ਇਹ ਹੈ ਕਿ ਦੁਨੀਆ ਦੇ ਕਿਸੇ ਵੀ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ’ਤੇ ਬੋਲਣ ਦਾ ਹੱਕ ਨਹੀਂ ਹੈ। ਭਾਰਤ ਨੂੰ ਕਿਸੇ ਬਾਹਰੀ ਦਖ਼ਲ ਦੀ ਲੋੜ ਨਹੀਂ ਹੈ, ਇਹ ਸਾਡਾ ਅੰਦਰੂਨੀ ਮਾਮਲਾ ਹੈ। ਅਸੀਂ ਆਪਣੇ ਮੁੱਦੇ ਖ਼ੁਦ ਸੁਲਝਾ ਸਕਦੇ ਹਾਂ। ਦੁਨੀਆ ਦੇ ਕਿਸੇ ਵੀ ਦੇਸ਼ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਬੋਲਣ ਦਾ ਅਧਿਕਾਰ ਨਹੀਂ ਹੈ। ਭਾਰਤ ਕੋਈ ਅਜਿਹਾ ਦੇਸ਼ ਨਹੀਂ ਹੈ, ਜਿਸ ’ਤੇ ਕੋਈ ਵੀ ਕੁਝ ਵੀ ਕਹਿ ਦੇਵੇਗਾ। 

ਰਾਜਨਾਥ ਸਿੰਘ ਨੇ ਕਿਹਾ ਕਿ ਕਿਸਾਨ ਭਰਾਵਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਫਿਰ ਉਹ ਹੀ ਹੋ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਦੇ ਇਕ-ਇਕ ਕਲਾਜ ’ਤੇ ਚਰਚਾ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਜਾ ਕੇ ਕੋਈ ਫ਼ੈਸਲਾ ਨਹੀਂ ਕਰੇਗੀ। 

ਦੱਸਣਯੋਗ ਹੈ ਕਿ ਜਸਟਿਨ ਟਰੂਡੋ ਨੇ ਪਿਛਲੇ ਮਹੀਨੇ ਕਿਸਾਨ ਅੰਦੋਲਨ ਨੂੰ ਲੈ ਕੇ ਚਿੰਤਾ ਜਤਾਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਖੜ੍ਹਾ ਰਹੇਗਾ। ਟਰੂਡੋ ਦੇ ਇਸ ਬਿਆਨ ਤੋਂ ਬਾਅਦ ਭਾਰਤ ਨੇ ਨਾਰਾਜ਼ਗੀ ਜਤਾਈ ਸੀ ਅਤੇ ਕੈਨੇਡਾ ਦੇ ਰਾਜਦੂਤ ਨੂੰ ਸੰਮਨ ਕੀਤਾ ਸੀ। ਭਾਰਤ ਨੇ ਕਿਹਾ ਸੀ ਕਿ ਟਰੂਡੋ ਅਤੇ ਕੁਝ ਕੈਨੇਡੀਅਨ ਸੰਸਦ ਮੈਂਬਰਾਂ ਦੇ ਬਿਆਨ ਦੋਹਾਂ ਦੇਸ਼ਾਂ ਵਿਚਾਲੇ ਦੁੱਵਲੇ ਸਬੰਧਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। 

ਨੋਟ- ਰਾਜਨਾਥ ਸਿੰਘ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


 


Tanu

Content Editor

Related News