ਪੱਛਮੀ ਬੰਗਾਲ ’ਚ 10ਵੀਂ ਦੇ ਪੇਪਰ ’ਚ POK ਨੂੰ ਦੱਸਿਆ ''ਆਜ਼ਾਦ ਕਸ਼ਮੀਰ''
Thursday, Jan 19, 2023 - 10:17 AM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਸਿੱਖਿਆ ਮੰਤਰਾਲਾ ਨੇ ਪੱਛਮੀ ਬੰਗਾਲ ਵਿਚ 10ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਮਾਡਲ ਪੇਪਰ ’ਚ ਵਿਦਿਆਰਥੀਆਂ ਨੂੰ ਨਕਸ਼ੇ ’ਤੇ ‘ਆਜ਼ਾਦ ਕਸ਼ਮੀਰ’ ਦੀ ਨਿਸ਼ਾਨਦੇਹੀ ਬਾਰੇ ਸਵਾਲ ਪੁੱਛਣ ਲਈ ਪੱਛਮੀ ਬੰਗਾਲ ਸਰਕਾਰ ਤੋਂ ਜਵਾਬ ਮੰਗਿਆ ਹੈ। ਸੂਤਰਾਂ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਉਨ੍ਹਾਂ ਰਿਪੋਰਟਾਂ ਦਾ ਗੰਭੀਰ ਨੋਟਿਸ ਲਿਆ ਹੈ ਜਿਨ੍ਹਾਂ ’ਚ ਪੱਛਮੀ ਬੰਗਾਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀ 10ਵੀਂ ਦੀ ਪ੍ਰੀਖਿਆ ਵਿੱਚ ਵਿਦਿਆਰਥੀਆਂ ਨੂੰ ਭਾਰਤ ਦੇ ਨਕਸ਼ੇ ’ਤੇ ‘ਆਜ਼ਾਦ ਕਸ਼ਮੀਰ’ ਦੀ ਪਛਾਣ ਕਰਨ ਲਈ ਕਿਹਾ ਗਿਆ ਸੀ। ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜਿੱਥੇ ਇਸ ਨੂੰ ‘ਜੇਹਾਦੀ ਸਾਜ਼ਿਸ਼’ ਕਰਾਰ ਦਿੱਤਾ ਹੈ, ਉਥੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਨੇ ਇਸ ਨੂੰ ਗਲਤੀ ਕਰਾਰ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਦਾ ਸਮਰਥਨ ਨਹੀਂ ਕਰਦੀ।
ਪੱਛਮੀ ਬੰਗਾਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ ਚੇਅਰਮੈਨ ਰਾਮਾਨੁਜਨ ਗਾਂਗੁਲੀ ਨੇ ਮੰਨਿਆ ਕਿ ਖੁਦਮੁਖਤਿਆਰ ਸੰਸਥਾ ਵਲੋਂ ਪ੍ਰਕਾਸ਼ਿਤ ਮਾਡਲ ਪ੍ਰਸ਼ਨ ਪੱਤਰਾਂ ਵਿੱਚ ਗੜਬੜ ਸੀ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਮੰਤਰੀ ਸੁਭਾਸ਼ ਸਰਕਾਰ ਨੇ ਮੰਗਲਵਾਰ ਨੂੰ ਇਸ ਮਾਮਲੇ ਦੀ ਸੂਬਾ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸੂਬਾ ਸਰਕਾਰ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ। ਬਾਕੁੰਰਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਮੈਂ ਸੂਬੇ ਦੇ ਸਿੱਖਿਆ ਮੰਤਰੀ ਨੂੰ ਇਸ ਮੁੱਦੇ ’ਤੇ ਗੌਰ ਕਰਨ ਦੀ ਅਪੀਲ ਕਰਦਾ ਹਾਂ। ਜੇ ਇਹ ਸੱਚ ਪਾਇਆ ਜਾਂਦਾ ਹੈ ਤਾਂ ਪ੍ਰਕਾਸ਼ਕ ਤੇ ਪੇਪਰ ਸੈੱਟਰ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇ। ਨਾਲ ਹੀ ਟੈਸਟ ਪੇਪਰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇ ਇਹ ਘਟਨਾ ਸੱਚ ਹੈ ਤਾਂ ਇਸ ਦੀ ਜ਼ਿੰਮੇਵਾਰ ਤ੍ਰਿਣਮੂਲ ਸਰਕਾਰ ਦੀ ਤੁਸ਼ਟੀਕਰਨ ਦੀ ਸਿਆਸਤ ਨੂੰ ਠਹਿਰਾਇਆ ਜਾ ਸਕਦਾ ਹੈ, ਜਿਸ ਨੇ ਕੁਝ ਲੋਕਾਂ ਨੂੰ ਟੈਸਟ ਪੇਪਰ ’ਚ ਦੇਸ਼ ਵਿਰੋਧੀ ਸਵਾਲ ਪਾਉਣ ਲਈ ਪ੍ਰੇਰਿਤ ਕੀਤਾ।