UP: ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਦੀ ਹੁਣ ਖੈਰ ਨਹੀਂ! ਹੋਵੇਗੀ ਵੱਡੀ ਕਾਰਵਾਈ
Saturday, May 16, 2026 - 11:22 PM (IST)
ਲਖਨਊ : ਉੱਤਰ ਪ੍ਰਦੇਸ਼ ਵਿੱਚ ਸੋਸ਼ਲ ਮੀਡੀਆ 'ਤੇ ਰੀਲਾਂ (ਵੀਡੀਓ) ਬਣਾ ਕੇ ਸੁਰਖੀਆਂ ਬਟੋਰਨ ਵਾਲੇ ਪੁਲਸ ਮੁਲਾਜ਼ਮਾਂ 'ਤੇ ਹੁਣ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਪੁਲਸ ਹੈੱਡਕੁਆਰਟਰ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਅਜਿਹੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਇੰਟਰਨੈੱਟ ਮੀਡੀਆ 'ਤੇ ਵੀਡੀਓ ਪੋਸਟ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਿੱਧੀ ਹੈੱਡਕੁਆਰਟਰ ਨੂੰ ਭੇਜੀ ਜਾਵੇਗੀ।
ਏ.ਡੀ.ਜੀ. (ਕਾਨੂੰਨ ਅਤੇ ਵਿਵਸਥਾ) ਅਮਿਤਾਭ ਯਸ਼ ਵੱਲੋਂ ਸਾਰੇ ਪੁਲਸ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕਈ ਮੁਲਾਜ਼ਮਾਂ ਵੱਲੋਂ ਇੰਟਰਨੈੱਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਇਤਰਾਜ਼ਯੋਗ ਵੀਡੀਓ ਅਤੇ ਰੀਲਾਂ ਅਪਲੋਡ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਪੁਲਸ ਵਿਭਾਗ ਦੀ ਦਿੱਖ ਖਰਾਬ ਹੋ ਰਹੀ ਹੈ। ਹਾਲਾਂਕਿ ਡੀ.ਜੀ.ਪੀ. ਵੱਲੋਂ ਸਾਲ 2023 ਵਿੱਚ ਹੀ ਪੁਲਸ ਮੁਲਾਜ਼ਮਾਂ ਲਈ 'ਇੰਟਰਨੈੱਟ ਮੀਡੀਆ ਨੀਤੀ' ਤਿਆਰ ਕੀਤੀ ਗਈ ਸੀ, ਪਰ ਇਸ ਦੀ ਉਲੰਘਣਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਸੂਤਰਾਂ ਮੁਤਾਬਕ ਹਾਲ ਹੀ ਵਿੱਚ ਪੁਲਸ ਵਿੱਚ ਵੱਡੀ ਗਿਣਤੀ ਵਿੱਚ ਸਿਪਾਹੀਆਂ ਅਤੇ ਹੋਰ ਅਹੁਦਿਆਂ 'ਤੇ ਭਰਤੀ ਹੋਈ ਹੈ। ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮਾਂ ਵਿੱਚ ਰੀਲਾਂ ਬਣਾਉਣ ਦਾ ਕ੍ਰੇਜ਼ ਵਧੇਰੇ ਹੈ, ਅਤੇ ਇਨ੍ਹਾਂ ਵਿੱਚੋਂ ਕਈਆਂ ਦੇ ਇਤਰਾਜ਼ਯੋਗ ਵੀਡੀਓ ਸਾਹਮਣੇ ਆ ਚੁੱਕੇ ਹਨ।
ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਪੁਲਸ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਦੇ ਲਈ ਨਿਰਧਾਰਤ ਪ੍ਰੋਫਾਰਮਾ ਭਰ ਕੇ ਕਾਰਵਾਈ ਦੀ ਜਾਣਕਾਰੀ ਹੈੱਡਕੁਆਰਟਰ ਨੂੰ ਦੇਣੀ ਹੋਵੇਗੀ। ਇਤਰਾਜ਼ਯੋਗ ਸਮੱਗਰੀ (ਵੀਡੀਓ/ਰੀਲਾਂ) ਨੂੰ ਸਬੂਤ ਵਜੋਂ ਸੁਰੱਖਿਅਤ ਰੱਖਣ ਦੇ ਵੀ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਵਿਭਾਗ ਹੁਣ ਅਜਿਹੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਕਰਨ ਦੇ ਮੂਡ ਵਿੱਚ ਨਹੀਂ ਹੈ ਜੋ ਪੁਲਸ ਦੀ ਅਨੁਸ਼ਾਸਨਿਕ ਛਵੀ ਨੂੰ ਨੁਕਸਾਨ ਪਹੁੰਚਾਉਂਦੀ ਹੋਵੇ।
