ਰੇਲਵੇ ਦੇ ਮਾੜੇ ਪ੍ਰਬੰਧਾਂ ਕਾਰਨ ਭਾਜੜ ਮਚੀ : ਰਾਹੁਲ

Sunday, Feb 16, 2025 - 09:18 PM (IST)

ਰੇਲਵੇ ਦੇ ਮਾੜੇ ਪ੍ਰਬੰਧਾਂ ਕਾਰਨ ਭਾਜੜ ਮਚੀ : ਰਾਹੁਲ

ਨਵੀਂ ਦਿੱਲੀ, (ਯੂ. ਐੱਨ. ਆਈ.)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮਚੀ ਭਾਜੜ ਦੌਰਾਨ ਮਹਾਕੁੰਭ ਜਾ ਰਹੇ ਮੁਸਾਫਰਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ । ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਉਨ੍ਹਾਂ ਰੇਲਵੇ ਸਟੇਸ਼ਨ ’ਤੇ ਮਚੀ ਭਾਜੜ ਲਈ ਸਰਕਾਰ ਦੇ ਮਾੜੇ ਪ੍ਰਬੰਧਾਂ ਤੇ ਲਾਪਰਵਾਹੀ ਨੂੰ ਜ਼ਿੰਮੇਵਾਰ ਦੱਸਿਆ ਤੇ ਕਿਹਾ ਕਿ ਜੇ ਰੇਲਵੇ ਨੇ ਗੰਭੀਰਤਾ ਨਾਲ ਕੰਮ ਕੀਤਾ ਹੁੰਦਾ ਤਾਂ ਅਜਿਹੀ ਦੁਖਦਾਈ ਘਟਨਾ ਨਾ ਵਾਪਰਦੀ।

ਰਾਹੁਲ ਨੇ ਕਿਹਾ ਕਿ ਭਾਜੜ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਇਹ ਦੁਖਾਂਤ ਇਕ ਵਾਰ ਫਿਰ ਰੇਲਵੇ ਦੀ ਨਾਕਾਮੀ ਤੇ ਸਰਕਾਰ ਦੀ ਗੈਰ-ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਾ ਹੈ। ਪ੍ਰਯਾਗਰਾਜ ਜਾਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਵੇਖਦੇ ਹੋਏ ਸਟੇਸ਼ਨ ’ਤੇ ਵਧੀਅਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ। ਸਰਕਾਰ ਤੇ ਪ੍ਰਸ਼ਾਸਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸੇ ਨੂੰ ਵੀ ਮਾੜੇ ਪ੍ਰਬੰਧਾਂ ਤੇ ਲਾਪਰਵਾਹੀ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ।

ਪ੍ਰਿਯੰਕਾ ਨੇ ਕਿਹਾ ਕਿ ਭਾਜੜ ’ਚ ਔਰਤਾਂ ਤੇ ਬੱਚਿਆਂ ਸਮੇਤ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ।


author

Rakesh

Content Editor

Related News