ਕੇਂਦਰ ਨੇ ਖਤਮ ਕੀਤੀ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ,  ਹੁਣ 24 ਘੰਟੇ ਹੋ ਸਕੇਗਾ ਪੋਸਟਮਾਰਟਮ

Tuesday, Nov 16, 2021 - 10:22 AM (IST)

ਕੇਂਦਰ ਨੇ ਖਤਮ ਕੀਤੀ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ,  ਹੁਣ 24 ਘੰਟੇ ਹੋ ਸਕੇਗਾ ਪੋਸਟਮਾਰਟਮ

ਨਵੀਂ ਦਿੱਲੀ (ਭਾਸ਼ਾ)– ਕੇਂਦਰ ਨੇ ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖ਼ਤਮ ਕਰਦੇ ਹੋਏ ਲੋੜੀਂਦੀਆਂ ਮੁੱਢਲੀਆਂ ਸਹੂਲਤਾਂ ਵਾਲੇ ਹਸਪਤਾਲਾਂ ’ਚ ਦਿਨ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕਰਨ ਦੀ ਸੋਮਵਾਰ ਨੂੰ ਇਜਾਜ਼ਤ ਦੇ ਦਿੱਤੀ। ਹਾਲਾਂਕਿ ਇਨ੍ਹਾਂ ’ਚ ਹੱਤਿਆ, ਆਤਮਹੱਤਿਆ, ਕੱਟੀਆਂ-ਵੱਢੀਆਂ ਲਾਸ਼ਾਂ ਅਤੇ ਸ਼ੱਕੀ ਹਾਲਤ ’ਚ ਹੋਈ ਮੌਤ ਦੇ ਮਾਮਲੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।  ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਹਿੰਦੀ ’ਚ ਟਵੀਟ ਕੀਤਾ,‘ਅੰਗਰੇਜ਼ਾਂ ਦੇ ਸਮੇਂ ਦੀ ਵਿਵਸਥਾ ਖਤਮ! 24 ਘੰਟੇ ਹੋ ਸਕੇਗਾ ਪੋਸਟਮਾਰਟਮ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਸ਼ਾਸਨ ਦੇ ਵਿਚਾਰ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਮੰਤਰਾਲਾ ਨੇ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਹਸਪਤਾਲਾਂ ’ਚ ਰਾਤ ਨੂੰ ਵੀ ਪੋਸਟਮਾਰਟਮ ਕਰਨ ਦੀ ਸਹੂਲਤ ਹੈ, ਉਹ ਹੁਣ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕਰ ਸਕਣਗੇ।’’ 

PunjabKesari

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਇਸ ਸਬੰਧ ’ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਜਿਨ੍ਹਾਂ ਹਸਪਤਾਲਾਂ ’ਚ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ, ਉਥੇ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕੀਤਾ ਜਾ ਸਕਦਾ ਹੈ।  ਇਸ ਨਾਲ ਹਾਦਸੇ ’ਚ ਮਾਰੇ ਗਏ ਵਿਅਕਤੀ ਦੀ ਲਾਸ਼ ਨੂੰ ਉਸ ਦੇ ਪਰਿਵਾਰ ਨੂੰ ਸੌਂਪਣ ਦੀ ਪ੍ਰਕਿਰਿਆ ਸਰਲ ਹੋਵੇਗੀ। ਇਸ ਤੋਂ ਇਲਾਵਾ ਜੋ ਵਿਅਕਤੀ ਅੰਗਦਾਨ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸਹੂਲਤ ਹੋਵੇਗੀ। ਇਹ ਨੋਟੀਫਿਕੇਸ਼ਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਮੰਤਰਾਲਾ ਨੇ ਕਿਹਾ ਕਿ ਇਸ ਸਬੰਧ ’ਚ ਸਰਕਾਰ ਨੂੰ ਲਗਾਤਾਰ ਮੰਗ-ਪੱਤਰ ਪ੍ਰਾਪਤ ਹੋ ਰਹੇ ਸਨ। ਇਸ ’ਤੇ ਸਿਹਤ ਸੇਵਾਵਾਂ ਦੇ ਡਾਇਰੈਕਟੋਰੇਟ ਦੀ ਤਕਨੀਕੀ ਕਮੇਟੀ ਨੇ ਵਿਸਥਾਰਤ ਤੌਰ ’ਤੇ ਸਲਾਹ-ਮਸ਼ਵਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਕੁਝ ਸੰਸਥਾਨ ਵਿਸ਼ੇਸ਼ ਹਾਲਾਤਾਂ ’ਚ ਸੂਰਜ ਡੁੱਬਣ ਤੋਂ ਬਾਅਦ ਵੀ ਪੋਸਟਮਾਰਟਮ ਕਰ ਰਹੇ ਹਨ। ਕਮੇਟੀ ਨੇ ਕਿਹਾ ਕਿ ਜਿਨ੍ਹਾਂ ਹਸਪਤਾਲਾਂ ’ਚ ਮੁੱਢਲੀਆਂ ਸਹੂਲਤਾਂ ਹਨ, ਉਥੇ ਰਾਤ ਨੂੰ ਪੋਸਟਮਾਰਟਮ ਕੀਤਾ ਜਾ ਸਕਦਾ ਹੈ। ਇਸ ਸਬੰਧ ’ਚ ਸਾਰੀਆਂ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਪ੍ਰਸ਼ਾਸਨਾਂ ਤੇ ਸਬੰਧਤ ਸੰਸਥਾਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲੋੜੀਂਦੇ ਬਦਲਾਅ ਕਰਨ ਨੂੰ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਦੇਸ਼ ਨੂੰ ਮਿਲ ਸਕਦੈ ਪਹਿਲਾ ਸਮਲਿੰਗੀ ਜੱਜ, ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਸਿਫ਼ਾਰਿਸ਼

ਵੀਡੀਓ ਰਿਕਾਰਡਿੰਗ ਵੀ ਹੋਵੇਗੀ
ਪ੍ਰੋਟੋਕਾਲ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਸ਼ੱਕ ਨੂੰ ਦੂਰ ਕਰਨ ਲਈ ਪੂਰੀ ਰਾਤ ਸਾਰੇ ਪੋਸਟਮਾਰਟਮ ਲਈ ਵੀਡੀਓ ਰਿਕਾਰਡਿੰਗ ਕੀਤੀ ਜਾਵੇਗੀ ਅਤੇ ਇਹ ਕਾਨੂੰਨੀ ਮਕਸਦਾਂ ਲਈ ਭਵਿੱਖ ਦੇ ਸਬੰਧ ’ਚ ਸੁਰੱਖਿਅਤ ਰੱਖੀ ਜਾਵੇਗੀ। ਮੰਤਰਾਲਾ ਨੇ ਕਿਹਾ ਕਿ ਹਾਲਾਂਕਿ ਹੱਤਿਆ, ਆਤਮਹੱਤਿਆ, ਜਬਰ-ਜ਼ਨਾਹ, ਕੱਟੇ-ਵੱਢੇ ਸਰੀਰ ਅਤੇ ਸ਼ੱਕੀ ਸ਼੍ਰੇਣੀਆਂ ਦੇ ਮਾਮਲਿਆਂ ਨੂੰ ਉਦੋਂ ਤੱਕ ਰਾਤ ਦੇ ਸਮੇਂ ਪੋਸਟਮਾਰਟਮ ਲਈ ਨਹੀਂ ਰੱਖਿਆ ਜਾਣਾ ਚਾਹੀਦਾ ਜਦ ਤੱਕ ਕਿ ਕਾਨੂੰਨ ਵਿਵਸਥਾ ਨਾਲ ਜੁੜੀ ਕੋਈ ਸਥਿਤੀ ਨਾ ਹੋਵੇ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News