ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ, ਪਾਰਟੀ ਨੂੰ ਦਿੱਤੀ ਇਹ ਸਲਾਹ
Tuesday, Apr 26, 2022 - 04:47 PM (IST)
ਨਵੀਂ ਦਿੱਲੀ- ਚੋਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ,''ਪ੍ਰਸ਼ਾਂਤ ਕਿਸ਼ੋਰ ਕਾਂਗਰਸ 'ਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਪ੍ਰਧਾਨ ਨੇ 2024 ਲਈ ਇਕ ਗਰੁੱਪ ਦਾ ਗਠਨ ਕੀਤਾ ਸੀ। ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਸਮੂਹ ਦੇ ਹਿੱਸੇ ਦੇ ਰੂਪ 'ਚ ਪਾਰਟੀ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ ਪਰ ਉਨ੍ਹਾਂ ਨੇ ਇਸ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਅਸੀਂ ਪਾਰਟੀ ਨੂੰ ਦਿੱਤੀਆਂ ਗਈਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ। ਉੱਥੇ ਹੀ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕਰ ਕੇ ਕਿਹਾ,''ਮੈਂ ਮੈਂ ਪਾਰਟੀ 'ਚ ਸ਼ਾਮਲ ਹੋਣ ਅਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੇ ਕਾਂਗਰਸ ਦੇ ਪ੍ਰਸਤਾਵ ਨੂੰ ਅਸਵੀਕਾਰ ਕਰ ਦਿੱਤਾ। ਮੇਰਾ ਵਿਚਾਰ ਹੈ ਕਿ ਪਾਰਟੀ ਨੂੰ ਉਨ੍ਹਾਂ ਤੋਂ ਕਿਤੇ ਜ਼ਿਆਦਾ ਅਗਵਾਈ ਅਤੇ ਸਮੂਹਕ ਇੱਛਾ ਸ਼ਕਤੀ ਦੀ ਜ਼ਰੂਰਤ ਹੈ, ਜਿਸ ਤੋਂ ਕਿ ਤਬਦੀਲੀ 'ਤੇ ਆਧਾਰਿਤ ਸੁਧਾਰਾਂ ਰਾਹੀਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।''
ਦੱਸਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਚੱਲ ਰਹੀਆਂ ਸਨ। ਜਿਨ੍ਹਾਂ 'ਤੇ ਅੱਜ ਵਿਰਾਮ ਲੱਗ ਗਿਆ ਹੈ। ਪ੍ਰਸ਼ਾਂਤ ਨੇ ਜੀ-23 ਨੇਤਾਵਾਂ ਨਾਲ ਗੱਲਬਾਤ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਬਣਦੇ ਹਨ ਤਾਂ ਫਿਰ ਪ੍ਰਧਾਨ ਅਹੁਦੇ 'ਤੇ ਗਾਂਧੀ ਪਰਿਵਾਰ ਦੀ ਬਜਾਏ ਕੋਈ ਹੋਰ ਹੋਵੇ। ਉੱਥੇ ਹੀ ਕਿਸ਼ੋਰ ਦੇ ਕਾਂਗਰਸ 'ਚ ਸ਼ਾਮਲ ਹੋਣ ਨੂੰ ਲੈ ਕੇ ਨੇਤਾਵਾਂ ਦਰਮਿਆਨ ਵੱਖ-ਵੱਖ ਰਾਏ ਵੀ ਰਹੀ। ਕੁਝ ਸੀਨੀਅਰ ਨੇਤਾਵਾਂ ਨੇ ਪਹਿਲਾਂ ਭਾਜਪਾ, ਟੀ.ਐੱਮ.ਸੀ. ਅਤੇ ਕਾਂਗਰਸ ਸਮੇਤ ਕਈ ਸਿਆਸੀ ਦਲਾਂ ਨਾਲ ਉਨ੍ਹਾਂ ਦੀ ਹਿੱਸੇਦਾਰੀ ਨੂੰ ਧਿਆਨ 'ਚ ਰੱਖਦੇ ਹੋਏ ਇਤਰਾਜ਼ ਜਤਾਇਆ ਸੀ। ਹਾਲਾਂਕਿ ਉਨ੍ਹਾਂ 'ਚੋਂ ਜ਼ਿਆਦਾਤਰ ਨੇ ਇਸ ਦਾ ਸਮਰਥਨ ਕੀਤਾ ਪਰ ਅੰਤਿਮ ਫ਼ੈਸਲਾ ਕਾਂਗਰਸ ਪ੍ਰਧਾਨ 'ਤੇ ਛੱਡ ਦਿੱਤਾ ਸੀ।