ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਬੋਲੇ CM ਮਾਨ, ‘ਹਰੇਕ ਪੰਜਾਬੀ ਤੁਹਾਡਾ ਨਿੱਘਾ ਸਵਾਗਤ ਕਰਨਾ ਚਾਹੁੰਦੈ’
Saturday, Sep 10, 2022 - 09:01 PM (IST)
 
            
            ਨਵੀਂ ਦਿੱਲੀ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਰਾਸ਼ਟਰਪਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ-ਨਾਲ ਇਸ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ’ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ’ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਮੁੰਡੀ ਗ੍ਰਿਫ਼ਤਾਰ, SYL ’ਤੇ ਸੁਪਰੀਮ ਕੋਰਟ ਦੀ ਸਲਾਹ, ਪੜ੍ਹੋ TOP 10
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਰਮਨੀ ਦੌਰਾ ਸੂਬੇ ’ਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਅਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਖੇਤਰ ਦੀਆਂ ਮੋਹਰੀ ਕੰਪਨੀਆਂ ਨਾਲ ਮੁਲਾਕਾਤ ਕਰਨਗੇ, ਜੋ ਪੰਜਾਬ ’ਚ ਨਿਵੇਸ਼ ਕਰਨ ਦੀਆਂ ਇੱਛੁਕ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਅਤੇ ਵਿਸ਼ਵ ਭਰ ’ਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇ। ਮੁੱਖ ਮੰਤਰੀ ਨੇ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਹੈ, ਜਿਸ ਕਾਰਨ ਨਿਵੇਸ਼ਕ ਸੂਬੇ ’ਚ ਆਉਣ ਅਤੇ ਇੱਥੇ ਆਪਣਾ ਕਾਰੋਬਾਰ ਵਧਾਉਣ ’ਚ ਦਿਲਚਸਪੀ ਵਿਖਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਖੁਸ਼ੀਆਂ ਤੋਂ ਪਹਿਲਾਂ ਘਰ ’ਚ ਪਏ ਵੈਣ, ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਲੋਕਾਂ ਦੀ ਮੌਤ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            