ਲੁਧਿਆਣਾ ਗੈਸ ਲੀਕ ਘਟਨਾ ਨੂੰ ਲੈ ਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਗਟਾਇਆ ਦੁੱਖ
Sunday, Apr 30, 2023 - 10:31 PM (IST)
 
            
            ਨੈਸ਼ਨਲ ਡੈਸਕ : ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਣ 11 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਗੈਸ ਲੀਕ ਘਟਨਾ ਨੂੰ ਲੈ ਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਟਵੀਟ ਕਰ ਕੇ ਦੁੱਖ ਪ੍ਰਗਟਾਇਆ ਹੈ। ਰਾਸ਼ਟਰਪਤੀ ਮੁਰਮੂ ਨੇ ਟਵੀਟ ਕਰਦਿਆਂ ਲਿਖਿਆ ਕਿ ਲੁਧਿਆਣਾ ਵਿਖੇ ਵਾਪਰੇ ਹਾਦਸੇ ’ਚ ਬੱਚਿਆਂ ਅਤੇ ਔਰਤਾਂ ਸਮੇਤ ਕਈ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ : ਗਿਆਸਪੁਰਾ ਗੈਸ ਲੀਕ : ਵਿਸ਼ੇਸ਼ DGP ਸ਼ੁਕਲਾ ਨੇ ਲੁਧਿਆਣਾ ’ਚ ਸਥਿਤੀ ਦਾ ਲਿਆ ਜਾਇਜ਼ਾ, ਕਹੀ ਵੱਡੀ ਗੱਲ

ਮੈਂ ਸਾਰੇ ਦੁਖ਼ੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ ਅਤੇ ਸਾਰੇ ਪ੍ਰਭਾਵਿਤ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ। ਜ਼ਿਕਰਯੋਗ ਹੈ ਕਿ ਅੱਜ ਚੜ੍ਹਦੀ ਸਵੇਰ ਲੁਧਿਆਣਾ ਦੇ ਗਿਆਸਪੁਰਾ ਦੀ ਇਕ ਫੈਕਟਰੀ 'ਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਅਤੇ ਕਈ ਲੋਕ ਬੇਹੋਸ਼ ਹੋਏ ਸਨ, ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ ਸਨ। ਫਾਇਰ ਬ੍ਰਿਗੇਡ ਵਿਭਾਗ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਜ਼ਰੀਏ ਹਸਪਤਾਲ ਦਾਖ਼ਲ ਕਰਵਾਇਆ ਗਿਆ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            