ਦਿੱਲੀ 'ਚ ਲੱਗ ਸਕਦੈ ਰਾਸ਼ਟਰਪਤੀ ਸ਼ਾਸਨ, ਮੁਰਮੂ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜਿਆ ਪੱਤਰ
Tuesday, Sep 10, 2024 - 06:03 PM (IST)
ਨਵੀਂ ਦਿੱਲੀ (ਵਾਰਤਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ 'ਚ ਬੰਦ ਹੋਣ ਕਾਰਨ ਪੈਦਾ ਸੰਵਿਧਾਨਕ ਸੰਕਟ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਸਰਕਾਰ ਨੂੰ ਬਰਖ਼ਾਸਤ ਕਰ ਕੇ ਰਾਸ਼ਟਰੀ ਰਾਜਧਾਨੀ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕਰਨ ਵਾਲੇ ਭਾਜਪਾ ਦੇ ਮੰਗ ਪੱਤਰ ਨੂੰ ਕੇਂਦਰੀ ਗ੍ਰਹਿ ਸਕੱਤਰ ਕੋਲ ਭੇਜ ਦਿੱਤਾ ਹੈ। ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਦਿੱਲੀ ਭਾਜਪਾ ਦੇ ਸੀਨੀਅਰ ਨੇਤਾ ਵਿਜੇਂਦਰ ਗੁਪਤਾ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਕਿਹਾ,''ਦਿੱਲੀ 'ਚ ਲਗਾਤਾਰ ਹੋ ਰਹੇ ਸੰਵਿਧਾਨਕ ਉਲੰਘਣ ਅਤੇ ਸ਼ਾਸਨ ਦੀਆਂ ਅਸਫ਼ਲਤਾਵਾਂ ਕਾਰਨ ਮੇਰੇ ਨਾਲ ਸਾਰੇ ਭਾਜਪਾ ਵਿਧਾਇਕਾਂ ਨੇ 30 ਅਗਸਤ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲ ਕੇ ਦਿੱਲੀ ਸਰਕਾਰ ਦੀਆਂ ਨਾਕਾਮੀਆਂ ਦਾ ਮੰਗ ਪੱਤਰ ਸੌਂਪਿਆ ਸੀ।
ਮੰਗ ਪੱਤਰ ਦਾ ਨੋਟਿਸ ਲੈਂਦੇ ਹੋਏ ਰਾਸ਼ਟਰਪਤੀ ਨੇ ਇਸ ਨੂੰ ਉੱਚਿਤ ਕਾਰਵਾਈ ਲਈ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜ ਦਿੱਤਾ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਸੱਤਾ 'ਚ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੀ ਆਮ ਆਦਮੀ ਪਾਰਟੀ ਖ਼ਿਲਾਫ਼ ਉੱਚਿਤ ਕਾਰਵਾਈ ਹੋਵੇਗੀ।'' ਮੰਗ ਪੱਤਰ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਬਕਾਰੀ ਨੀਤੀ ਨਾਲ ਜੁੜੇ ਇਕ ਮਾਮਲੇ 'ਚ ਪਿਛਲੇ 5 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਹੋਣ ਕਾਰਨ ਰਾਜਧਾਨੀ 'ਚ ਕੰਮਕਾਜ ਨਹੀਂ ਹੋ ਪਾ ਰਿਹਾ ਹੈ ਅਤੇ ਕਈ ਵਿਸ਼ਿਆਂ ਨੂੰ ਲੈ ਕੇ ਸੰਵਿਧਾਨਕ ਸੰਕਟ ਪੈਦਾ ਹੋ ਗਿਆ ਹੈ। ਇਸ ਮੰਗ ਪੱਤਰ 'ਤੇ ਭਾਜਪਾ ਦੇ ਸਾਰੇ 8 ਵਿਧਾਇਕਾਂ ਨੇ ਦਸਤਖ਼ਤ ਕੀਤੇ ਹਨ। ਪੱਤਰ 'ਚ ਰਾਸ਼ਟਰਪਤੀ ਤੋਂ ਇਸ ਮਾਮਲੇ 'ਚ ਦਖ਼ਲਅੰਦਾਜੀ ਕਰਨ ਦੀ ਮੰਗ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8