60 ਤੋਂ ਵੱਧ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਪ੍ਰਿੰਸੀਪਲ ਗ੍ਰਿਫ਼ਤਾਰ
Sunday, Nov 05, 2023 - 12:07 PM (IST)
ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ 'ਚ ਇਕ ਸਰਕਾਰੀ ਸਕੂਲ ਵਿਚ 60 ਤੋਂ ਵਧ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਦੋਸ਼ੀ ਪ੍ਰਿੰਸੀਪਲ ਨੂੰ ਸ਼ਨੀਵਾਰ ਨੂੰ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਗ੍ਰਿਫ਼ਤਾਰ ਕਰ ਲਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੀਂਦ ਦੇ ਉਪ ਪੁਲਸ ਕਪਤਾਨ ਅਮਿਤ ਭਾਟੀਆ ਨੇ ਦੱਸਿਆ ਕਿ ਮੁਲਜ਼ਮ ਪ੍ਰਿੰਸੀਪਲ ਕਰਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਐਤਵਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ, ਹਾਲਾਂਕਿ ਉਨ੍ਹਾਂ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਮੁਲਜ਼ਮ ਨੂੰ ਕਿੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜੀਂਦ ਜ਼ਿਲ੍ਹੇ ਦੇ ਉਚਾਨਾ ਇਲਾਕੇ ਦੇ ਇਕ ਸਰਕਾਰੀ ਸਕੂਲ ਵਿਚ 60 ਤੋਂ ਵੱਧ ਵਿਦਿਆਰਥਣਾਂ ਨੇ ਪ੍ਰਿੰਸੀਪਲ ’ਤੇ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਾਇਆ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਬਣਾਈ ਗਈ ਐੱਸ.ਆਈ.ਟੀ. ਪਿਛਲੇ ਤਿੰਨ ਦਿਨਾਂ ਤੋਂ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਸੀ। ਪੁਲਸ ਮੁਤਾਬਕ, ਐੱਸ.ਆਈ.ਟੀ. ਨੇ ਹਰਿਆਣਾ ਤੋਂ ਇਲਾਵਾ ਦੂਜੇ ਸੂਬਿਆਂ 'ਚ ਵੀ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ : ਹਰਿਆਣਾ ਦੇ ਸਰਕਾਰੀ ਸਕੂਲ ਦੀਆਂ 60 ਵਿਦਿਆਰਥਣਾਂ ਨੇ ਪ੍ਰਿੰਸੀਪਲ ’ਤੇ ਲਗਾਇਆ ਸੈਕਸ ਸ਼ੋਸ਼ਣ ਦਾ ਦੋਸ਼
ਮਾਮਲੇ ਦੇ ਸੰਬੰਧ 'ਚ ਵਿਦਿਆਰਥਣਾਂ ਨੇ ਵੀਰਵਾਰ ਨੂੰ ਪੰਚਕੂਲਾ 'ਚ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ, ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਪੁਲਸ ਨੂੰ 24 ਘੰਟਿਆਂ 'ਚ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ 'ਚ ਅਸਫ਼ਲ ਰਹਿਣ 'ਤੇ ਪੁਲਸ ਨੂੰ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ ਦਿੱਤੀ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਭਾਟੀਆ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਆਪਣੇ ਬਿਆਨ 'ਚ ਪ੍ਰਿੰਸੀਪਲ 'ਤੇ ਛੇੜਛਾੜ ਦੇ ਦੋਸ਼ ਲਗਾਏ ਜਦੋਂ ਕਿ ਕੁਝ ਨੇ ਕਿਹਾ ਕਿ ਉਨ੍ਹਾਂ ਨਾਲ ਅਜਿਹਾ ਨਹੀਂ ਹੋਇਆ ਪਰ ਉਨ੍ਹਾਂ ਨੇ ਇਸ ਬਾਰੇ ਸੁਣਿਆ ਹੈ। ਉਨ੍ਹਾਂ ਕਿਹਾ ਕਿ ਕੁਝ ਵਿਦਿਆਰਥਣਾਂ ਨੇ ਸਬੂਤ ਵੀ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਮਾਮਲੇ 'ਚ ਸਖ਼ਤ ਹੈ ਅਤੇ ਵਿਦਿਆਰਥਣਾਂ ਨੂੰ ਨਿਆਂ ਦਿਵਾਇਆ ਜਾਵੇਗਾ। ਪੁਲਸ ਨੇ ਪ੍ਰਿੰਸੀਪਲ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 354 ਏ (ਜਿਨਸੀ ਸ਼ੋਸ਼ਣ), 341 (ਗਲਤ ਤਰੀਕੇ ਨਾਲ ਬੰਧਕ ਬਣਾਉਣਾ), ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਦੋਸ਼ੀ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8