ਪ੍ਰਿਅੰਕਾ ਗਾਂਧੀ ਵਾਡਰਾ ਨੇ ਕੀਤੀ ਕੁਸ਼ਤੀ ਮਹਾਸੰਘ ਖ਼ਿਲਾਫ਼ ਜਾਂਚ ਦੀ ਮੰਗ
Thursday, Jan 19, 2023 - 03:20 PM (IST)
ਨਵੀਂ ਦਿੱਲੀ (ਵਾਰਤਾ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) 'ਤੇ ਪਹਿਲਵਾਨਾਂ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਹੈ।ਪ੍ਰਿਅੰਕਾ ਨੇ ਵੀਰਵਾਰ ਨੂੰ ਟਵੀਟ ਕੀਤਾ, “ਸਾਡੇ ਖਿਡਾਰੀ ਦੇਸ਼ ਦਾ ਮਾਣ ਹਨ। ਉਹ ਵਿਸ਼ਵ ਪੱਧਰ 'ਤੇ ਆਪਣੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕਰਦੇ ਹਨ। ਕੁਸ਼ਤੀ ਫੈਡਰੇਸ਼ਨ ਅਤੇ ਉਸ ਦੇ ਪ੍ਰਧਾਨ ’ਤੇ ਖਿਡਾਰੀਆਂ ਦੇ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਗਏ ਹਨ। ਇਨ੍ਹਾਂ ਖਿਡਾਰੀਆਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਦੋਸ਼ਾਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।'
ਜ਼ਿਕਰਯੋਗ ਹੈ ਕਿ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਸਮੇਤ ਕਈ ਪਹਿਲਵਾਨਾਂ ਨੇ ਬੁੱਧਵਾਰ ਨੂੰ ਜੰਤਰ-ਮੰਤਰ 'ਤੇ ਧਰਨਾ ਦਿੰਦੇ ਹੋਏ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਕੋਚਾਂ 'ਤੇ ਜਿਨਸੀ ਸ਼ੋਸ਼ਣ ਸਮੇਤ ਕਈ ਗੰਭੀਰ ਦੋਸ਼ ਲਾਏ। ਪਹਿਲਵਾਨਾਂ ਨੇ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ ਕੀਤਾ। ਉਹ ਸਿੰਘ ਦੇ ਅਸਤੀਫੇ ਅਤੇ ਦੋਸ਼ਾਂ ਦੀ ਜਾਂਚ ਦੀ ਮੰਗ ਕਰ ਰਹੇ ਹਨ।