ਕੇਂਦਰ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਜੰਮੂ-ਕਸ਼ਮੀਰ ’ਚ ਹੋਏ 14 ਅੱਤਵਾਦੀ ਹਮਲੇ : ਪ੍ਰਿਯੰਕਾ
Saturday, Jul 27, 2024 - 11:17 PM (IST)
ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ’ਚ ਇਕ ਫੌਜੀ ਜਵਾਨ ਦੇ ਸ਼ਹੀਦ ਹੋਣ ਅਤੇ 4 ਜਵਾਨਾਂ ਦੇ ਜ਼ਖਮੀ ਹੋਣ ’ਤੇ ਦੁੱਖ ਪ੍ਰਗਟਾਇਆ ਅਤੇ ਦਾਅਵਾ ਕੀਤਾ ਹੈ ਕਿ ਕੇਂਦਰ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਇਸ ਕੇਂਦਰ ਸ਼ਾਸਿਤ ਸੂਬੇ ’ਚ 14 ਅੱਤਵਾਦੀ ਹਮਲੇ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਅੱਤਵਾਦੀ ਹਮਲਿਆਂ ’ਚ 15 ਜਵਾਨ ਸ਼ਹੀਦ ਹੋਏ ਹਨ, ਜੋ ਦੇਸ਼ ਲਈ ਚਿੰਤਾ ਦੀ ਗੱਲ ਹੈ। ਫੌਜ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕਮਕਾਰੀ ਸੈਕਟਰ ’ਚ ਸ਼ਨੀਵਾਰ ਨੂੰ ਪਾਕਿਸਤਾਨ ਦੀ ‘ਬਾਰਡਰ ਐਕਸ਼ਨ ਟੀਮ’ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਹੋਏ ਮੁਕਾਬਲੇ ’ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਇਕ ਕੈਪਟਨ ਸਮੇਤ ਫੌਜ ਦੇ ਚਾਰ ਹੋਰ ਜਵਾਨ ਜ਼ਖਮੀ ਹੋ ਗਏ।
ਪ੍ਰਿਯੰਕਾ ਗਾਂਧੀ ਨੇ ‘ਐਕਸ’ ’ਤੇ ਪੋਸਟ ਕੀਤਾ, ‘ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ’ਚ ਇਕ ਜਵਾਨ ਦੇ ਸ਼ਹੀਦ ਹੋਣ ਅਤੇ 4 ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਬੇਹੱਦ ਦੁਖਦ ਹੈ। ਵਾਹਿਗੁਰੂ ਵਿੱਛੜੀ ਆਤਮਾ ਨੂੰ ਸ਼ਾਂਤੀ ਦੇਵੇ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਜ਼ਖਮੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।’’