ਪ੍ਰੋ. ਸਰਚਾਂਦ ਸਿੰਘ ਬਣੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ

Tuesday, Feb 14, 2023 - 03:56 PM (IST)

ਪ੍ਰੋ. ਸਰਚਾਂਦ ਸਿੰਘ ਬਣੇ ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ

ਨਵੀਂ ਦਿੱਲੀ- ਭਾਰਤ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਕ ਮਹੱਤਵਪੂਰਨ ਨਿਯੁਕਤੀ ਕੀਤੀ ਹੈ। ਭਾਰਤ ਸਰਕਾਰ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋਫ਼ੈਸਰ ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ। 

ਇਹ ਵੀ ਪੜ੍ਹੋ- ਪੁਲਵਾਮਾ ਹਮਲਾ: 'ਸ਼ਹਾਦਤ ਦੀ ਬਰਸੀ', ਭਾਰਤ ਨੇ ਇੰਝ ਲਿਆ ਸੀ ਪਾਕਿਸਤਾਨ ਤੋਂ ਬਦਲਾ

ਮੁਸ਼ਕਲਾਂ ਦੇ ਹੱਲ ਲਈ ਕੌਮੀ ਘੱਟ ਗਿਣਤੀ ਨੂੰ ਸਰਚਾਂਦ ਦੇਣਗੇ ਸਲਾਹ-

ਓਧਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਯੋਗਤਾ ਨੂੰ ਧਿਆਨ 'ਚ ਰੱਖਦਿਆਂ ਕੀਤੀ ਗਈ ਹੈ। ਉਹ ਆਪਣੇ ਸੂਬੇ 'ਚ ਸਬੰਧਿਤ ਘੱਟ ਗਿਣਤੀ ਭਾਈਚਾਰਿਆਂ ਦੇ ਮੁੱਦਿਆਂ ਨੂੰ ਸਰਕਾਰ ਤਕ ਪਹੁੰਚਾਉਣਗੇ ਅਤੇ ਉਨ੍ਹਾਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕਮਿਸ਼ਨ ਨੂੰ ਆਪਣੀਆਂ ਸਲਾਹ ਦੇਣਗੇ। ਲਾਲਪੁਰਾ ਨੇ ਪ੍ਰੋ. ਸਰਚਾਂਦ ਸਿੰਘ ਨੂੰ ਇਸ ਅਹਿਮ ਨਿਯੁਕਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵੱਧ ਸੰਜੀਦਗੀ ਨਾਲ ਨਿਭਾਉਣਗੇ। 

ਇਹ ਵੀ ਪੜ੍ਹੋ- ਸਿੱਖਾਂ ’ਚ ਆਪਣਾ ‘ਇਕਬਾਲ’ ਬੁਲੰਦ ਕਰਨ ਲਈ ਲਾਲਪੁਰਾ ’ਤੇ ਵੱਡਾ ਦਾਅ

ਕੀ ਬੋਲੇ ਇਕਬਾਲ ਸਿੰਘ ਲਾਲਪੁਰਾ?

ਲਾਲਪੁਰ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਢੁਕਵੇਂ ਸਾਧਨਾਂ ਰਾਹੀਂ ਚੁੱਕਣ ਅਤੇ ਉਨ੍ਹਾਂ ਦੇ ਹੱਲ ਦਾ ਰਾਹ ਲੱਭਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕੋ ਮੰਸ਼ਾ ਹੈ ਕਿ ਦੇਸ਼ ਦੇ ਹਰ ਕੋਨੇ 'ਚ ਵੱਸਦੇ ਹਰ ਭਾਈਚਾਰੇ ਦੇ ਲੋਕਾਂ ਨੂੰ ਬਰਾਬਰ ਇਨਸਾਫ਼ ਮਿਲੇ ਅਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ 'ਚ ਆਪਣੀ ਅਹਿਮ ਭੂਮਿਕਾ ਨਿਭਾ ਸਕਣ। 

ਕੌਣ ਨੇ ਸਰਚਾਂਦ ਸਿੰਘ?

ਜ਼ਿਕਰਯੋਗ ਹੈ ਕਿ ਪ੍ਰੋ. ਸਰਚਾਂਦ ਸਿੰਘ ਦਾ ਪਿਛੋਕੜ ਜਿੱਥੇ ਸਿੱਖ ਕੌਮ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਉਨ੍ਹਾਂ ਦਾ ਵਿਦਿਆਰਥੀ ਜੀਵਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਵੀ ਜੁੜਿਆ ਰਿਹਾ। ਉਹ ਫੈਡਰੇਸ਼ਨ ਦੇ ਪ੍ਰਧਾਨ ਵੀ ਰਹੇ। ਉਹ ਪ੍ਰਧਾਨ ਮੰਤਰੀ ਮੋਦੀ ਦੀ ਸਿੱਖ ਭਾਈਚਾਰੇ ਪ੍ਰਤੀ ਸੁਹਿਰਦਤਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ’ਚ ਅਹਿਮ ਸੇਵਾਵਾਂ ਨਿਭਾਅ ਚੁਕੇ ਹਨ। ਉਨ੍ਹਾਂ ਪੰਜਾਬ, ਪੰਜਾਬੀ, ਪੰਜਾਬੀਅਤ, ਸਿੱਖ ਪੰਥ ਅਤੇ ਸਿੱਖ ਸਿਆਸਤ ਦੇ ਚਲੰਤ ਮਸਲਿਆਂ ’ਤੇ ਵੀ ਪੂਰੀ ਪਕੜ ਬਣਾਈ ਰੱਖੀ। 

ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, 5 ਧੀਆਂ ਦੇ ਪਿਓ ਦਾ ਗੋਲੀ ਮਾਰ ਕੇ ਕਤਲ

PM ਮੋਦੀ ਅਤੇ ਹੋਰ ਸੀਨੀਅਰ ਨੇਤਾਵਾਂ ਦਾ ਸਰਚਾਂਦ ਨੇ ਕੀਤਾ ਧੰਨਵਾਦ

ਇਸ ਮੌਕੇ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਤੋਂ ਇਲਾਵਾ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਕਰਨਲ ਜੈਬੰਸ ਸਿੰਘ ਅਤੇ ਸ: ਰਜਿੰਦਰਮੋਹਨ ਸਿੰਘ ਛੀਨਾ ਦਾ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨਾਂ ਨੂੰ ਇਸ ਅਹੁਦੇ ਲਈ ਕਾਬਲ ਸਮਝਿਆ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤਕ ਪਹੁੰਚਾ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਤੋਂ ਇਲਾਵਾ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਪੂਰੀ ਸ਼ਿੱਦਤ ਨਾਲ ਯਤਨ ਜਾਰੀ ਰੱਖਣਗੇ।


author

Tanu

Content Editor

Related News