ਦੇਸ਼ ਦੀਆਂ ਸਰਹੱਦਾਂ ਦੇ ਪਹਿਰੇਦਾਰਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਾਉਣ ਪਹਿਲੀ ਤਰਜੀਹ: ਰਾਜਨਾਥ
Saturday, May 07, 2022 - 02:26 PM (IST)
ਨਵੀਂ ਦਿੱਲੀ– ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲਿਆਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਸੀਮਾ ਸੜਕ ਸੰਗਠਨ (BRO) ਵਲੋਂ ਆਯੋਜਿਤ ਇਕ ਪ੍ਰੋਗਰਾਮ ’ਚ ਉਨ੍ਹਾਂ ਨੇ ਕਿਹਾ ਕਿ ਸਰਹੱਦੀ ਖੇਤਰਾਂ ਦਾ ਵਿਕਾਸ ਯਕੀਨੀ ਕਰਨਾ ਸਰਕਾਰ ਦੀ ਵਿਆਪਕ ਰੱਖਿਆ ਰਣਨੀਤੀ ਦਾ ਪ੍ਰਮੁੱਖ ਹਿੱਸਾ ਹੈ।
ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਵਉੱਚ ਤਰਜੀਹ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਾਉਣਾ ਹੈ, ਜੋ ਸਾਡੀ ਸੁਰੱਖਿਆ ਲਈ ਦਿਨ-ਰਾਤ ਕੰਮ ਕਰ ਰਹੇ ਹਨ, ਜੋ ਇਸ ਦੇਸ਼ ਦੀਆਂ ਸਰਹੱਦਾਂ ਦੇ ਪਹਿਰੇਦਾਰ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਹੱਦੀ ਖੇਤਰਾਂ ’ਚ ਬੁਨਿਆਦੀ ਢਾਂਚੇ ’ਚ ਸੁਧਾਰ ਲਈ ਬੀ. ਆਰ. ਓ. ਦੀ ਵੀ ਸ਼ਲਾਘਾ ਕੀਤੀ।
ਪੂਰਬੀ-ਉੱਤਰੀ ਖੇਤਰ ਦੇ ਵਿਕਾਸ ਦਾ ਉਦਾਹਰਣ ਦਿੰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਹੁਣ ਦੇਸ਼ ਦੇ ਮੋਹਰੀ ਵਿਕਾਸ ਲਈ ‘ਨਵਾਂ ਪ੍ਰਵੇਸ਼ ਦੁਆਰ’ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਸੱਭਿਅਤਾ ਦੀ ਯਾਤਰਾ ’ਚ ਸੜਕਾਂ ਦਾ ਬਹੁਤ ਮਹੱਤਵ ਰਿਹਾ ਹੈ। ਰਾਜਨਾਥ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ, ਵਪਾਰ, ਖੁਰਾਕ ਸਪਲਾਈ, ਫ਼ੌਜ ਦੀਆਂ ਮੁੱਢਲੀਆਂ ਜ਼ਰੂਰਤਾਂ, ਉਦਯੋਗ ਅਤੇ ਸਮਾਜਿਕ-ਆਰਥਿਕ ਤਰੱਕੀ ਨਾਲ ਜੁੜੇ ਹੋਰ ਕੰਮਾਂ ਨੂੰ ਪੂਰਾ ਕਰਨ ਲਈ ਸੜਕਾਂ ਅਤੇ ਪੁਲਾਂ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ।