ਰਾਘਵ ਚੱਢਾ ਨੇ CM ਅਮਰਿੰਦਰ ਨੂੰ ਲਿਖੀ ਚਿੱਠੀ, ਕਿਸਾਨਾਂ ਲਈ ਪੰਜਾਬ ਪੁਲਸ ਦੀ ਸੁਰੱਖਿਆ ਮੰਗੀ
Sunday, Jan 31, 2021 - 06:07 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅੰਦੋਲਨਕਾਰੀ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਨੂੰ ਧਰਨੇ ਵਾਲੀ ਜਗ੍ਹਾ ਤਾਇਨਾਤ ਕਰਨ ਲਈ ਕਿਹਾ ਹੈ। ਰਾਘਵ ਨੇ ਕੈਪਟਨ ਨੂੰ ਕਿਹਾ ਕਿ ਜੇਕਰ ਪੰਜਾਬ ਪੁਲਸ ਦੇ ਘੁੜਸਵਾਰ ਸੂਬੇ ਦੇ ਨੇਤਾ ਜਾਂ ਅਧਿਕਾਰੀ ਨਾਲ ਦਿੱਲੀ ਆ ਸਕਦੇ ਹਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਸੁਰੱਖਿਆ ਲਈ ਕਿਉਂ ਤਾਇਨਾਤ ਨਹੀਂ ਕੀਤਾ ਜਾ ਸਕਦਾ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੂਬੇ ਦੀ ਪੁਲਸ ਦੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। 'ਆਪ' ਦੇ ਨੇਤਾ ਅਤੇ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੋਸ਼ ਲਗਾਇਆ ਕਿ ਭਾਜਪਾ ਆਪਣੇ ਸਹਿਯੋਗੀਆਂ ਦੀ ਮਦਦ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਕਿਸਾਨਾਂ 'ਤੇ ਹਮਲਾ ਕੀਤਾ ਜਾ ਰਿਹਾ ਹੈ। ਚੱਢਾ ਵਲੋਂ ਇਹ ਦੋਸ਼ ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਹਿੰਸਕ ਝੜਪਾਂ ਅਤੇ ਸਿੰਘੂ ਬਾਰਡਰ 'ਤੇ ਪਥਰਾਅ ਤੋਂ ਬਾਅਦ ਲਗਾਏ ਗਏ ਹਨ।
ਰਾਘਵ ਨੇ ਦਿੱਲੀ ਪੁਲਸ ਦੀ ਭੂਮਿਕਾ 'ਤੇ ਸਵਾਲ ਚੁੱਕਦੇ ਹੋਏ ਉਸ 'ਤੇ ਸਿੰਘੂ ਬਾਰਡਰ 'ਤੇ ਹੋਈ ਹਿੰਸਾ 'ਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਇਨ੍ਹਾਂ ਹਾਲਾਤਾਂ 'ਚ ਅਸੀਂ ਦਿੱਲੀ ਪੁਲਸ ਤੋਂ ਕਿਸਾਨਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕਰ ਸਕਦੇ ਅਤੇ ਇਸ ਲਈ ਪੂਰੀ ਜ਼ਿੰਮੇਵਾਰੀ ਨਾਲ ਅਸੀਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਸਾਰੀਆਂ ਸਰਹੱਦਾਂ 'ਤੇ ਕਿਸਾਨਾਂ ਨੂੰ ਪੁਲਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕਰਦੇ ਹਾਂ।''