ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

08/08/2022 5:55:36 PM

ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਨਿਊਯਾਰਕ ’ਚ ਇਕ 30 ਸਾਲਾ ਭਾਰਤੀ ਮੂਲ ਦੀ ਔਰਤ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ’ਚ ਤੁਰੰਤ ਦਖਲ ਦੇਣ, ਪੀੜਤਾਂ ਅਤੇ ਦੁਖੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਦੀ ਅਪੀਲ ਕੀਤੀ। ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਵੱਲੋਂ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹੋਈ ਮਨਦੀਪ ਕੌਰ ਨੇ 3 ਅਗਸਤ ਨੂੰ ਨਿਊਯਾਰਕ, ਅਮਰੀਕਾ ’ਚ ਖ਼ੁਦਕੁਸ਼ੀ ਕਰ ਲਈ ਸੀ। ਖ਼ੁਦਕੁਸ਼ੀ ਤੋਂ ਪਹਿਲਾਂ ਉਸ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਉਸ ਨੇ ਸਾਲਾਂ ਤੋਂ ਆਪਣੇ ਨਾਲ ਹੋ ਰਹੇ ਸਰੀਰਕ ਤੇ ਮਾਨਸਿਕ ਤਸ਼ੱਦਦ ਬਾਰੇ ਦੱਸਿਆ। ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ ਜੋ ਕਿ ਆਪਣੇ ਪਿੱਛੇ ਇਕ ਦੁਖੀ ਪਰਿਵਾਰ ਅਤੇ ਦੋ ਬੱਚੇ ਛੱਡ ਗਈ ਹੈ, ਦੀ ਦੁੱਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : PAU ’ਚ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ

ਚੱਢਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ’ਚ ਕਿਹਾ, “ਅਸੀਂ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਸਕਦੇ ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਨੂੰ ਇਨਸਾਫ਼ ਦੇ ਦਾਇਰੇ ’ਚ ਲਿਆਂਦਾ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਬਾਰੇ ਉਸ ਦੇ ਪਰਿਵਾਰ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ।’’ ਇਸ ਘਟਨਾ ’ਤੇ ਅਫਸੋਸ ਜ਼ਾਹਿਰ ਕਰਦਿਆਂ ਚੱਢਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਮਨਦੀਪ ਕੌਰ ਨੇ ਆਪਣੇ ਅਪਮਾਨਜਨਕ ਵਿਆਹ ਤੋਂ ਬਚਣ ਲਈ ਕਈ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਅਤੇ ਇਹ ਸੋਚ ਕੇ ਦਿਲ ਕੰਬ ਜਾਂਦਾ ਹੈ ਕਿ ਅਜਿਹੀਆਂ ਕਿੰਨੀਆਂ ਹੀ ਹੋਰ ਭਾਰਤੀ ਔਰਤਾਂ ਵਿਦੇਸ਼ਾਂ ’ਚ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹਨ। ਉਨ੍ਹਾਂ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ’ਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸ਼ੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਏ ਜਾਣ।

ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ


Manoj

Content Editor

Related News