ਪੰਜਾਬ ਦੀ ਖ਼ੁਸ਼ਹਾਲੀ ਦੀ ਅਰਦਾਸ ਲਈ ‘ਆਪ’ ਵਫ਼ਦ ਕਰਤਾਰਪੁਰ ਸਾਹਿਬ ਵਿਖੇ ਹੋਵੇਗਾ ਨਤਮਸਤਕ: ਰਾਘਵ ਚੱਢਾ

Wednesday, Nov 17, 2021 - 05:11 PM (IST)

ਨਵੀਂ ਦਿੱਲੀ— ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਟਵੀਟ ਕਰ ਕੇ ਇਕ ਖ਼ਾਸ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਮ ਆਦਮੀ ਪਾਰਟੀ ਦਾ ਵਫ਼ਦ ਪੰਜਾਬ ਦੀ ਅਮਨ, ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਅਰਦਾਸ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਸੰਗਤ ਦੀਆਂ ਅਰਦਾਸਾਂ ਹੋਈਆਂ ਕਬੂਲ, ਕਰਤਾਰਪੁਰ ਸਾਹਿਬ ਦੀ ਯਾਤਰਾ ’ਤੇ ਜਾਣ ਲਈ ਅੱਜ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

 

ਰਾਘਵ ਚੱਢਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਦੇ ਆਦਰਸ਼ਾਂ ’ਤੇ ਚੱਲੀਏ ਅਤੇ ਮਨੁੱਖਤਾ ਦੀ ਸੇਵਾ ਕਰੀਏ। ਅੱਜ ਦੇ ਸਮੇਂ ਪੰਜਾਬ ਬਹੁਤ ਮੁਸ਼ਕਲ ਦੌਰ ’ਚੋਂ ਲੰਘ ਰਿਹਾ ਹੈ। ਜਦੋਂ ਅਸੀਂ ਕਰਤਾਰਪੁਰ ਸਾਹਿਬ ਜਾਵਾਂਗੇ ਤਾਂ ਗੁਰੂ ਸਾਹਿਬ ਮਹਾਰਾਜ ਅੱਗੇ ਪੰਜਾਬ ਦੇ ਭਲੇ ਲਈ ਅਰਦਾਸ ਕਰਦੇ ਹੋਏ ਫਿਰ ਤੋਂ ਰੰਗਲਾ ਪੰਜਾਬ ਵਾਪਸ ਲੈ ਕੇ ਆਉਣ ਦੀ ਅਰਦਾਸ ਕਰਾਂਗੇ। ਮੈਂ ਇਕ ਵਾਰ ਫਿਰ ਤੋਂ ਤੁਹਾਨੂੰ ਸਾਰਿਆਂ ਨੂੰ ਗੁਰ ਪੁਰਬ ਦੀ ਲੱਖ-ਲੱਖ ਵਧਾਈ ਦਿੰਦਾ ਹਾਂ।

ਇਹ ਵੀ ਪੜ੍ਹੋ : ਸੰਗਤਾਂ ਦੀਆਂ ਅਰਦਾਸਾਂ ਨਾਲ 2 ਸਾਲ ਪਹਿਲਾਂ ਅੱਜ ਦੇ ਦਿਨ ਖੁੱਲ੍ਹਿਆ ਸੀ ਕਰਤਾਰਪੁਰ ਸਾਹਿਬ ਲਾਂਘਾ

ਦੱਸਣਯੋਗ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਤੋਂ ਯਾਨੀ ਕਿ 17 ਨਵੰਬਰ ਤੋਂ ਮੁੜ ਖੋਲ੍ਹ ਦਿੱਤਾ ਗਿਆ ਹੈ, ਜੋ ਕਿ ਕੋਵਿਡ ਮਹਾਮਾਰੀ ਕਾਰਨ 16 ਮਾਰਚ 2020 ਤੋਂ ਬੰਦ ਸੀ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਲਈ ਬਣਾਏ ਗਏ ਲਾਂਘੇ ਨੂੰ ਬੁੱਧਵਾਰ ਯਾਨੀ ਕਿ ਅੱਜ ਖੋਲ੍ਹ ਦਿੱਤਾ ਹੈ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਸਾਲਾਂ ਵਾਲੀ ਥਾਂ ’ਤੇ ਬਣੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਪਾਕਿਸਤਾਨ) ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ’ਚ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। 

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News