ਰਾਹੁਲ ਗਾਂਧੀ ਅਮੇਠੀ ਤੋਂ ਲੜ ਸਕਦੇ ਹਨ ਚੋਣ, ਅੱਜ ਰਾਤ ਤਕ ਹੋ ਸਕਦੈ ਅਧਿਕਾਰਤ ਐਲਾਨ

Thursday, May 02, 2024 - 06:39 PM (IST)

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੀ ਅਮੇਠੀ ਅਤੇ ਰਾਏਬਰੇਲੀ ਲੋਕ ਸਭਾ ਸੀਟਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਨੂੰ ਲੈ ਕੇ ਸ਼ੱਕ ਦੇ ਵਿਚਕਾਰ, ਸੂਤਰਾਂ ਨੇ ਵੀਰਵਾਰ ਨੂੰ ਸੰਕੇਤ ਦਿੱਤਾ ਕਿ ਰਾਹੁਲ ਗਾਂਧੀ ਅਮੇਠੀ ਸੀਟ ਤੋਂ ਚੋਣ ਲੜ ਸਕਦੇ ਹਨ। ਰਾਹੁਲ ਗਾਂਧੀ 2004 ਤੋਂ ਲਗਾਤਾਰ ਤਿੰਨ ਵਾਰ ਅਮੇਠੀ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ। ਉਹ 2019 ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਸਮ੍ਰਿਤੀ ਇਰਾਨੀ ਤੋਂ ਚੋਣ ਹਾਰ ਗਏ ਸਨ। ਸ਼ੁੱਕਰਵਾਰ ਨੂੰ ਅਮੇਠੀ ਅਤੇ ਰਾਏਬਰੇਲੀ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ ਅਤੇ ਇਸ ਦੇ ਮੱਦੇਨਜ਼ਰ ਪਾਰਟੀ ਵੱਲੋਂ ਅੱਜ ਰਾਤ ਤੱਕ ਇਨ੍ਹਾਂ ਦੋਵਾਂ ਵੱਕਾਰੀ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਸੂਤਰਾਂ ਨੇ ਦੱਸਿਆ ਕਿ ਪਾਰਟੀ ਨੇ ਉੱਤਰ ਪ੍ਰਦੇਸ਼ ਦੀਆਂ ਦੋਵੇਂ ਸੀਟਾਂ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਮੇਠੀ ਅਤੇ ਰਾਏਬਰੇਲੀ ਨੂੰ ਗਾਂਧੀ-ਨਹਿਰੂ ਪਰਿਵਾਰ ਦੇ ਰਵਾਇਤੀ ਖੇਤਰ ਮੰਨਿਆ ਜਾਂਦਾ ਹੈ ਕਿਉਂਕਿ ਇਸ ਪਰਿਵਾਰ ਦੇ ਮੈਂਬਰਾਂ ਨੇ ਕਈ ਦਹਾਕਿਆਂ ਤੋਂ ਇਨ੍ਹਾਂ ਸੀਟਾਂ ਦੀ ਨੁਮਾਇੰਦਗੀ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਅਮੇਠੀ ਸੀਟ ਲਈ ਰਾਹੁਲ ਗਾਂਧੀ ਪਾਰਟੀ ਦੀ ਸਭ ਤੋਂ ਸੰਭਾਵਿਤ ਪਸੰਦ ਹਨ। ਸੂਤਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ।

ਸੂਤਰਾਂ ਮੁਤਾਬਕ ਜੇਕਰ ਪ੍ਰਿਯੰਕਾ ਗਾਂਧੀ ਵਾਡਰਾ ਰਾਏਬਰੇਲੀ ਤੋਂ ਚੋਣ ਨਹੀਂ ਲੜਦੀ ਹੈ ਤਾਂ ਕਾਂਗਰਸ ਨੇ ਵਿਕਲਪਿਕ ਯੋਜਨਾ ਤਿਆਰ ਕਰ ਲਈ ਹੈ। ਇਸ ਯੋਜਨਾ ਤਹਿਤ ਰਾਏਬਰੇਲੀ ਤੋਂ ਇੰਦਰਾ ਗਾਂਧੀ ਦੇ ਕਰੀਬੀ ਰਿਸ਼ਤੇਦਾਰ ਅਤੇ ਸਾਬਕਾ ਕਾਂਗਰਸ ਨੇਤਾ ਸ਼ੀਲਾ ਕੌਲ ਦੇ ਪੋਤੇ ਨੂੰ ਚੋਣ ਮੈਦਾਨ 'ਚ ਉਤਾਰਿਆ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਮੇਠੀ ਤੋਂ ਆਪਣੀ ਨਾਮਜ਼ਦਗੀ 'ਤੇ ਚਰਚਾ ਕੀਤੀ ਹੈ। ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਪਹਿਲਾਂ ਹੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਅਤੇ ਪਾਰਟੀ ਲੀਡਰਸ਼ਿਪ ਨੂੰ ਅਮੇਠੀ ਤੋਂ ਰਾਹੁਲ ਗਾਂਧੀ ਅਤੇ ਰਾਏਬਰੇਲੀ ਸੰਸਦੀ ਸੀਟ ਤੋਂ ਪ੍ਰਿਯੰਕਾ ਗਾਂਧੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਬੇਨਤੀ ਕਰ ਚੁੱਕੀ ਹੈ।

ਕੇਂਦਰੀ ਚੋਣ ਕਮੇਟੀ ਦੇ ਮੈਂਬਰਾਂ ਨੇ ਵੀ ਪਾਰਟੀ ਲੀਡਰਸ਼ਿਪ ਨੂੰ ਰਾਹੁਲ ਅਤੇ ਪ੍ਰਿਯੰਕਾ ਦੋਵਾਂ ਨੂੰ ਮੈਦਾਨ ਵਿੱਚ ਉਤਾਰਨ ਦੀ ਅਪੀਲ ਕੀਤੀ ਹੈ ਪਰ ਅੰਤਿਮ ਫੈਸਲਾ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੇ ਲੈਣਾ ਹੈ। ਰਾਹੁਲ ਗਾਂਧੀ ਇਸ ਸਮੇਂ ਕੇਰਲ ਦੇ ਵਾਇਨਾਡ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤੀ ਸੀ। ਇਸ ਵਾਰ ਵੀ ਰਾਹੁਲ ਵਾਇਨਾਡ ਤੋਂ ਚੋਣ ਲੜ ਰਹੇ ਹਨ। ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਪੰਜਵੇਂ ਪੜਾਅ ਵਿੱਚ 20 ਮਈ ਨੂੰ ਅਮੇਠੀ ਅਤੇ ਰਾਏਬਰੇਲੀ ਹਲਕਿਆਂ ਵਿੱਚ ਵੋਟਾਂ ਪੈਣਗੀਆਂ। ਰਾਹੁਲ ਗਾਂਧੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ "ਉਨ੍ਹਾਂ ਨੂੰ ਪਾਰਟੀ ਵੱਲੋਂ ਜੋ ਵੀ ਹੁਕਮ ਮਿਲੇਗਾ, ਉਹ ਉਸ ਦੀ ਪਾਲਣਾ ਕਰਨਗੇ।"


Rakesh

Content Editor

Related News