ਵਿਰੋਧੀ ਧਿਰ ਦੇ ਨੇਤਾਵਾਂ ਨਾਲ ਕਸ਼ਮੀਰ ਲਈ ਰਵਾਨਾ ਹੋਏ ਰਾਹੁਲ ਗਾਂਧੀ

08/24/2019 12:28:36 PM

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਸੀਨੀਅਰ ਨੇਤਾਵਾਂ ਨਾਲ ਸ਼ਨੀਵਾਰ ਯਾਨੀ ਕਿ ਅੱਜ ਕਸ਼ਮੀਰ ਲਈ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਨੇ ਦਿੱਲੀ ਤੋਂ ਸ਼੍ਰੀਨਗਰ ਲਈ ਉਡਾਣ ਭਰੀ, ਜਿੱਥੇ ਉਹ ਧਾਰਾ-370 ਹਟਾਏ ਜਾਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣਗੇ। ਰਾਹੁਲ ਗਾਂਧੀ ਨਾਲ ਗੁਲਾਮ ਨਬੀ ਆਜ਼ਾਦ, ਕੇ. ਸੀ. ਵੇਣੂਗੋਪਾਲ ਅਤੇ ਆਨੰਦ ਸ਼ਰਮਾ ਸਮੇਤ ਕੁੱਲ 10 ਨੇਤਾ ਜਾ ਰਹੇ ਹਨ। ਇਨ੍ਹਾਂ ਨੇਤਾਵਾਂ ਦਾ ਦੁਪਹਿਰ ਦੇ ਸਮੇਂ ਸ਼੍ਰੀਨਗਰ ਪਹੁੰਚਣ ਦਾ ਪ੍ਰੋਗਰਾਮ ਹੈ। ਸੂਤਰਾਂ ਮੁਤਾਬਕ ਜੇਕਰ ਸ਼੍ਰੀਨਗਰ ਵਿਚ ਦਾਖਲ ਹੋਣ ਦੀ ਇਜਾਜ਼ਤ ਮਿਲੀ ਤਾਂ ਰਾਹੁਲ ਸਮੇਤ ਸਾਰੇ ਨੇਤਾ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ ਅਤੇ ਸਥਾਨਕ ਨੇਤਾਵਾਂ, ਵਾਸੀਆਂ ਨਾਲ ਮੁਲਾਕਾਤ ਵੀ ਕਰਨਗੇ। ਵਿਰੋਧੀ ਧਿਰ ਦੇ ਨੇਤਾਵਾਂ ਦੇ ਇਸ ਵਫ਼ਦ ਵਿਚ ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਭਾਕਪਾ ਦੇ ਡੀ. ਰਾਜਾ, ਲੋਕਤੰਤਰੀ ਜਨਤਾ ਦਲ ਦੇ ਸ਼ਰਦ ਯਾਦਵ, ਰਾਜਦ ਦੇ ਮਨੋਜ ਝਾਅ, ਦਰਮੁਕ ਦੇ ਤਿਰੁਚੀ ਸ਼ਿਵਾ, ਤ੍ਰਿਣਮੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਅਤੇ ਕੁਝ ਹੋਰ ਦਲਾਂ ਦੇ ਨੇਤਾ ਸ਼ਾਮਲ ਹੋਣਗੇ।

ਦਰਅਸਲ ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਰਾਹੁਲ ਗਾਂਧੀ ਨੂੰ ਕਸ਼ਮੀਰ ਆਉਣ ਦਾ ਸੱਦਾ ਦਿੱਤਾ ਸੀ। ਰਾਹੁਲ ਗਾਂਧੀ ਨੇ ਰਾਜਪਾਲ ਦਾ ਸੱਦਾ ਪ੍ਰਵਾਨ ਕੀਤਾ ਅਤੇ ਅੱਜ ਉਹ ਕਸ਼ਮੀਰ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਦਾ ਕਦਮ ਚੁੱਕਿਆ। ਇਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਸੂਬੇ ਦੇ ਕਈ ਇਲਾਕਿਆਂ ਵਿਚ ਸਾਵਧਾਨੀ ਦੇ ਤੌਰ 'ਤੇ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਕੀਤੀ ਗਈ ਅਤੇ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਾਂ ਨਜ਼ਰਬੰਦ ਕੀਤਾ ਗਿਆ।


Tanu

Content Editor

Related News