ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਪਰ ‘ਟਰੈਕਟਰ ਮਾਰਚ’ ਤੋਂ ਸ਼ਰਮਿੰਦਗੀ: ਰਾਹੁਲ

Wednesday, Jan 13, 2021 - 01:46 PM (IST)

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਯਾਨੀ ਕਿ ਬੁੱਧਵਾਰ ਨੂੰ ਅੰਦੋਲਨ ਦਾ 49ਵਾਂ ਦਿਨ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਡਟੇ ਹੋਏ ਹਨ। 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਹੈ। ਉੱਥੇ ਹੀ ਸਰਕਾਰ ਇਸ ’ਤੇ ਰੋਕ ਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਟਵੀਟ ਕਰਦਿਆਂ ਲਿਖਿਆ- 60 ਤੋਂ ਜ਼ਿਆਦਾ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਮਾਰਚ ਤੋਂ ਇਨ੍ਹਾਂ ਨੂੰ ਸ਼ਰਮਿੰਦਗੀ ਹੋ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਡੇਰੇ, ਕਿਸਾਨ ਅੰਦੋਲਨ ’ਤੇ ਬਰਸ ਰਹੀ ‘ਗੁਰੂ ਘਰ ਦੀ ਕਿਰਪਾ’

PunjabKesari

ਦੱਸਣਯੋਗ ਹੈ ਕਿ ਦਿੱਲੀ ’ਚ ਜਾਰੀ ਕਿਸਾਨ ਅੰਦੋਲਨ ਵਿਚ ਹੁਣ ਤੱਕ 60 ਤੋਂ ਜ਼ਿਆਦਾ ਕਿਸਾਨ ਆਪਣੀ ਜਾਨ ਦੇ ਚੁੱਕੇ ਹਨ। ਪੰਜਾਬ, ਹਰਿਆਣਾ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ਤੋਂ ਆਏ ਹਜ਼ਾਰਾਂ ਕਿਸਾਨ ਕੜਾਕੇ ਦੀ ਠੰਡ ਦੇ ਬਾਵਜੂਦ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਦੇਈਏ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ’ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਸੁਣਿਆ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ

ਦੱਸ ਦੇਈਏ ਕਿ ਸੁਪਰੀਮ ਕੋਰ ਨੇ ਮੰਗਲਵਾਰ ਯਾਨੀ ਕਿ ਕੱਲ੍ਹ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦਾ ਹੱਲ ਕੱਢਣ ਲਈ ਇਕ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨੀ ਘੋਲ: ‘ਕਿਸਾਨ ਏਕਤਾ ਮੋਰਚਾ’ ਨੇ ਦਿੱਤਾ ਨਵਾਂ ਨਾਅਰਾ- ‘ਮੌਤ ਨਹੀਂ, ਜਿੱਤ ਚੁਣੋ’

ਇਸ ਕਮੇਟੀ ’ਚ ਕੁੱਲ 4 ਮੈਂਬਰ ਹਨ- ਭੁਪਿੰਦਰ ਸਿੰਘ ਮਾਨ, ਡਾ. ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ, ਜੋ ਕਿ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ। ਓਧਰ ਪ੍ਰਦਰਸ਼ਨਕਾਰੀ ਕਿਸਾਨ ਲੋਹੜੀ ਦੇ ਤਿਉਹਾਰ ਯਾਨੀ ਕਿ ਅੱਜ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਆਪਣੇ ਵਿਰੋਧ ਜਤਾਉਣਗੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੰਦੋਲਨ ਨੂੰ ਤੇਜ਼ ਕਰਨ ਨੂੰ ਲੈ ਕੇ ਪਹਿਲਾਂ ਤੋਂ ਐਲਾਨੇ ਸਾਰੇ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ।

ਨੋਟ-ਰਾਹੁਲ ਗਾਂਧੀ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ

 


Tanu

Content Editor

Related News