''ਰਾਸ਼ਟਰਪਤੀ ਨੇ ਸਾਡੇ ਤੋਂ ਸਬੂਤ ਮੰਗੇ'', CEC ਖ਼ਿਲਾਫ਼ ਮੰਗ ਪੱਤਰ ਸੌਂਪਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ

Friday, Oct 09, 2026 - 09:39 PM (IST)

''ਰਾਸ਼ਟਰਪਤੀ ਨੇ ਸਾਡੇ ਤੋਂ ਸਬੂਤ ਮੰਗੇ'', CEC ਖ਼ਿਲਾਫ਼ ਮੰਗ ਪੱਤਰ ਸੌਂਪਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ

ਨਵੀਂ ਦਿੱਲੀ — ਇੰਡੀਆ (INDIA) ਗਠਜੋੜ ਦੇ 10 ਨੇਤਾਵਾਂ ਦੇ ਵਫ਼ਦ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਿਰੋਧੀ ਧਿਰ ਦੇ ਨੇਤਾਵਾਂ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਵੋਟਰ ਸੂਚੀਆਂ ਵਿੱਚ ਹੋਈਆਂ ਗੜਬੜੀਆਂ ਤੇ ਵੋਟ ਚੋਰੀ ਦੇ ਦੋਸ਼ਾਂ ਦੀ ਜਾਂਚ ਲਈ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕੀਤੀ। ਵਿਰੋਧੀ ਨੇਤਾਵਾਂ ਨੇ ਇਸ ਸਬੰਧੀ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ।

ਮੁਲਾਕਾਤ ਤੋਂ ਬਾਅਦ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੱਸਿਆ ਕਿ ਜਦੋਂ ਵਿਰੋਧੀ ਧਿਰ ਨੇ ਰਾਸ਼ਟਰਪਤੀ ਦੇ ਸਾਹਮਣੇ ਵੋਟ ਚੋਰੀ ਦਾ ਮੁੱਦਾ ਚੁੱਕਿਆ, ਤਾਂ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਨਹੀਂ ਕੀਤਾ ਅਤੇ ਨਾ ਹੀ ਕੋਈ ਸਵਾਲ ਚੁੱਕੇ। ਰਾਹੁਲ ਗਾਂਧੀ ਅਨੁਸਾਰ ਰਾਸ਼ਟਰਪਤੀ ਨੇ ਵਿਰੋਧੀ ਧਿਰ ਨੂੰ ਵੋਟ ਚੋਰੀ ਨਾਲ ਸਬੰਧਤ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਭਾਰਤੀ ਲੋਕਤੰਤਰ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਵਫ਼ਦ ਨੇ ਰਾਸ਼ਟਰਪਤੀ ਸਾਹਮਣੇ ਵੋਟ ਚੋਰੀ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ ਹੈ। ਉਨ੍ਹਾਂ ਈ.ਵੀ.ਐਮ. (EVM) ਹਟਾ ਕੇ ਬੈਲਟ ਪੇਪਰ ਰਾਹੀਂ ਦੁਬਾਰਾ ਚੋਣਾਂ ਕਰਵਾਉਣ ਦੀ ਮੰਗ ਕੀਤੀ। ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਵਿਰੋਧੀ ਧਿਰ ਦੀ ਗੱਲ ਧਿਆਨ ਨਾਲ ਸੁਣੀ ਅਤੇ ਇੱਕ ਹਾਂ-ਪੱਖੀ ਰੁੱਖ ਦਿਖਾਇਆ ਹੈ।

ਇਸ ਮੁਲਾਕਾਤ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਵਿਜੇ ਚੌਕ ਤੱਕ ਮਾਰਚ ਵੀ ਕੱਢਿਆ। ਵਫ਼ਦ ਵਿੱਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਮਮਤਾ ਬੈਨਰਜੀ, ਐੱਮ.ਏ. ਬੇਬੀ, ਡੀ. ਰਾਜਾ, ਰਾਜੀਵ ਰਾਏ, ਸੁਪ੍ਰੀਆ ਸੁਲੇ, ਉਮਰ ਅਬਦੁੱਲਾ, ਮਨੋਜ ਝਾਅ ਅਤੇ ਥੋਲ ਥਿਰੂਮਾਵਲਵਨ ਸ਼ਾਮਲ ਸਨ। ਰਾਹੁਲ ਗਾਂਧੀ ਨੇ ਇਹ ਵੀ ਐਲਾਨ ਕੀਤਾ ਕਿ ਵਿਰੋਧੀ ਧਿਰ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ।


author

Inder Prajapati

Content Editor

Related News