ਬਿਲਕਿਸ ਬਾਨੋ ਮਾਮਲੇ 'ਚ ਰਾਹੁਲ ਨੇ ਕਿਹਾ- ਪ੍ਰਧਾਨ ਮੰਤਰੀ ਦੀ ਕਥਨੀ ਅਤੇ ਕਰਨੀ 'ਚ ਅੰਤਰ
Wednesday, Aug 17, 2022 - 12:26 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ ਦੇ ਬਿਲਕਿਸ ਬਾਨੋ ਕੇਸ ਦੇ ਬਲਾਤਕਾਰ ਅਤੇ ਕਤਲ ਦੇ 11 ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ। ਰਾਹੁਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦੀ ਕਥਨੀ ਅਤੇ ਕਰਨੀ ‘ਚ ਅੰਤਰ ਸਾਰਾ ਦੇਸ਼ ਦੇਖ ਰਿਹਾ ਹੈ। ਕਾਂਗਰਸ ਨੇਤਾ ਨੇ ਇਸ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ 'ਤੇ ਉਸ ਸਮੇਂ ਨਿਸ਼ਾਨਾ ਵਿੰਨ੍ਹਿਆ, ਜਦੋਂ ਬੀਤੇ ਸੋਮਵਾਰ ਨੂੰ ਆਜ਼ਾਦੀ ਦਿਹਾੜੇ ਮੌਕੇ 'ਤੇ ਲਾਲ ਕਿਲ੍ਹੇ ਦੀ ਫਸੀਲ ਤੋਂ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਸੀ ਕਿ ਔਰਤਾਂ ਦਾ ਸਨਮਾਨ ਭਾਰਤ ਦੀ ਤਰੱਕੀ ਲਈ ਅਹਿਮ ਥੰਮ੍ਹ ਹੈ। ਉਨ੍ਹਾਂ ਨੇ 'ਨਾਰੀ ਸ਼ਕਤੀ' ਦਾ ਸਮਰਥਨ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਸੀ। ਰਾਹੁਲ ਗਾਂਧੀ ਨੇ ਟਵੀਟ ਕੀਤਾ,''5 ਮਹੀਨੇ ਦੀ ਗਰਭਵਤੀ ਔਰਤ ਨਾਲ ਜਬਰ ਜ਼ਿਨਾਹ ਕਰਨ ਅਤੇ ਉਸ ਦੀ 3 ਸਾਲ ਦੀ ਬੱਚੀ ਦਾ ਕਤਲ ਕਰਨ ਵਾਲਿਆਂ ਨੂੰ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੌਰਾਨ ਰਿਹਾਅ ਕਰ ਦਿੱਤਾ ਗਿਆ।'' ਉਨ੍ਹਾਂ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ,"ਨਾਰੀ ਸ਼ਕਤੀ ਦੀਆਂ ਝੂਠੀਆਂ ਗੱਲਾਂ ਕਰਨ ਵਾਲੇ ਲੋਕ ਦੇਸ਼ ਦੀਆਂ ਔਰਤਾਂ ਨੂੰ ਕੀ ਸੰਦੇਸ਼ ਦੇ ਰਹੇ ਹਨ? ਪ੍ਰਧਾਨ ਮੰਤਰੀ ਜੀ, ਪੂਰਾ ਦੇਸ਼ ਤੁਹਾਡੀ ਕਥਨੀ ਅਤੇ ਕਰਨੀ 'ਚ ਅੰਤਰ ਦੇਖ ਰਿਹਾ ਹੈ।"
ਦੱਸਣਯੋਗ ਹੈ ਕਿ ਬਿਲਕਿਸ ਬਾਨੋ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਨੂੰ ਸੋਮਵਾਰ ਨੂੰ ਗੋਧਰਾ ਸਬ-ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਗੁਜਰਾਤ ਸਰਕਾਰ ਨੇ ਆਪਣੀ ਮੁਆਫ਼ੀ ਨੀਤੀ ਤਹਿਤ ਇਨ੍ਹਾਂ ਲੋਕਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਸੀ। ਮੁੰਬਈ ਦੀ ਇਕ ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜ਼ਿਨਾਹ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦਾ ਕਤਲ ਕਰਨ ਦੇ ਮਾਮਲੇ ਵਿਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਸ ਦੀ ਸਜ਼ਾ ਨੂੰ ਬਾਅਦ ਵਿਚ ਬੰਬੇ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ