ਰਾਹੁਲ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ PM ਮੋਦੀ ''ਤੇ ਵਿੰਨ੍ਹਿਆ ਨਿਸ਼ਾਨਾ
Wednesday, Mar 30, 2022 - 02:39 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦਿਆਂ ਨੂੰ ਲੈ ਕੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੋਸ਼ ਲਗਾਇਆ ਕਿ ਪੈਟਰੋਲ-ਡੀਜ਼ਲ ਦੀ ਕੀਮਤ ਵਧਾਉਣਾ, ਸਰਕਾਰੀ ਕੰਪਨੀਆਂ ਨੂੰ 'ਵੇਚਣਾ' ਅਤੇ ਕਿਸਾਨਾਂ ਨੂੰ 'ਲਾਚਾਰ ਕਰਨਾ' ਉਨ੍ਹਾਂ ਦਾ ਰੋਜ਼ ਦਾ ਕੰਮ ਹੋ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ,''ਪ੍ਰਧਾਨ ਮੰਤਰੀ ਦੀ ਡੇਲੀ ਟੂ ਡੂ ਲਿਸਟ (ਰੋਜ਼ ਕਰਨ ਵਾਲੇ ਕੰਮਾਂ ਦੀ ਸੂਚੀ) : ਪੈਟਰੋਲ-ਡੀਜ਼ਲ-ਗੈਸ ਦੇ ਰੇਟ ਕਿੰਨਾ ਵਧਾਵਾਂ, ਲੋਕਾਂ ਦੀ 'ਖਰਚੇ ਪੇ ਚਰਚਾ' ਕਿਵੇਂ ਰੋਕਾਂ, ਨੌਜਵਾਨਾਂ ਨੂੰ ਰੁਜ਼ਗਾਰ ਦੇ ਖੋਖਲ੍ਹੇ ਸੁਫ਼ਨੇ ਕਿਵੇਂ ਦਿਖਾਵਾਂ, ਅੱਜ ਕਿਸੇ ਸਰਕਾਰੀ ਕੰਪਨੀ ਨੂੰ ਵੇਚਾਂ, ਕਿਸਾਨਾਂ ਨੂੰ ਹੋਰ ਲਾਚਾਰ ਕਿਵੇਂ ਕਰਾਂ।''
ਦੱਸਣਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬੁੱਧਵਾਰ ਨੂੰ ਇਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ 9 ਦਿਨਾਂ 'ਚ ਕੁੱਲ 5.60 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਨਤਕ ਖੇਤਰ ਦੀ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵਲੋਂ ਜਾਰੀ ਮੁੱਲ ਸੰਬੰਧੀ ਨੋਟੀਫਿਕੇਸ਼ਨ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 100.21 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ ਹੁਣ 101.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.47 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 92.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ