ਬਦਲੇਗਾ ਮੌਸਮ ਦਾ ਮਿਜਾਜ਼; ਭਾਰਤ ਦੇ ਕਈ ਹਿੱਸਿਆਂ ''ਚ ਪਵੇਗਾ ਮੀਂਹ
Tuesday, Mar 25, 2025 - 03:03 PM (IST)

ਨੈਸ਼ਨਲ ਡੈਸਕ- ਗਰਮੀ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਦੀ ਖਬਰ ਹੈ। ਭਾਰਤੀ ਮੌਸਮ ਵਿਭਾਗ (IMD) ਨੇ 26 ਅਤੇ 27 ਮਾਰਚ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਤਾਪਮਾਨ 'ਚ ਵੱਡੀ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰੀ-ਪੱਛਮੀ ਭਾਰਤ 'ਚ ਤੇਜ਼ ਹਵਾਵਾਂ ਚੱਲਣ ਨਾਲ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਰਾਹਤ ਮਿਲ ਸਕਦੀ ਹੈ, ਜਿਸ ਨਾਲ ਗਰਮੀ 'ਚ ਘਟੇਗੀ।
ਇਸ ਤੋਂ ਇਲਾਵਾ ਭਾਰਤ ਮੌਸਮ ਵਿਭਾਗ (IMD) ਨੇ ਉੱਤਰ ਪ੍ਰਦੇਸ਼ ਸਮੇਤ ਹੋਰ ਸੂਬਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ, ਜਿੱਥੇ ਤਾਪਮਾਨ 'ਚ ਭਾਰੀ ਵਾਧਾ ਹੋ ਸਕਦਾ ਹੈ। ਇਸ ਤੋਂ ਇਲਾਵਾ ਦੱਖਣੀ ਛੱਤੀਸਗੜ੍ਹ ਤੋਂ ਉੱਤਰੀ ਕੇਰਲ ਤੱਕ ਤੂਫ਼ਾਨ ਅਤੇ ਪੱਛਮੀ ਹਵਾਵਾਂ ਦਾ ਪ੍ਰਭਾਵ ਮੌਸਮ ਨੂੰ ਹੋਰ ਵੀ ਪੇਚੀਦਾ ਬਣਾ ਰਿਹਾ ਹੈ। ਉੱਤਰੀ ਭਾਰਤ ਖਾਸ ਕਰਕੇ ਉੱਤਰ ਪ੍ਰਦੇਸ਼ 'ਚ ਤਾਪਮਾਨ 4-6 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ ਅਤੇ ਦਿੱਲੀ 'ਚ ਪਾਰਾ 39 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਪੱਛਮੀ ਅਤੇ ਉੱਤਰ-ਪੂਰਬੀ ਭਾਰਤ 'ਚ ਤਾਪਮਾਨ 'ਚ 4-6 ਡਿਗਰੀ ਦਾ ਵਾਧਾ ਦੇਖਿਆ ਜਾ ਸਕਦਾ ਹੈ।
ਦੂਜੇ ਪਾਸੇ ਕਰਨਾਟਕ, ਕੇਰਲ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼ 'ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 26 ਤੋਂ 27 ਮਾਰਚ ਤੱਕ ਮੀਂਹ ਦਾ ਦੌਰ ਜਾਰੀ ਰਹੇਗਾ। ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਵਰਗੇ ਤੱਟਵਰਤੀ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦਾ ਪ੍ਰਭਾਵ 27 ਮਾਰਚ ਤੱਕ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੇਜ਼ ਹਵਾਵਾਂ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ।