11 ਸੂਬਿਆਂ ''ਚ ਮੀਂਹ ਦਾ ਅਲਰਟ, ਜਾਣੋ ਅਗਲੇ 5 ਦਿਨਾਂ ਦਾ ਮੌਸਮ ਦਾ ਹਾਲ
Saturday, Dec 28, 2024 - 10:38 AM (IST)
ਨੈਸ਼ਨਲ ਡੈਸਕ- ਦੇਸ਼ ਭਰ 'ਚ ਇਸ ਸਮੇਂ ਮੌਸਮ ਵਿਚ ਭਾਰੀ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਪਹਾੜੀ ਸੂਬਿਆਂ ਵਿਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਦਾ ਸਿਲਸਿਲਾ ਜਾਰੀ ਹੈ। ਸ਼ੁੱਕਰਵਾਰ ਨੂੰ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਭਾਰੀ ਮੀਂਹ ਪਿਆ, ਜਿਸ ਨਾਲ ਠੰਡ ਵਧ ਗਈ। ਦਿੱਲੀ-NCR 'ਚ 15 ਸਾਲਾਂ ਬਾਅਦ ਦਸੰਬਰ 'ਚ ਸਭ ਤੋਂ ਵੱਧ 9.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਜੰਮੂ-ਕਸ਼ਮੀਰ 'ਚ ਵੀ ਮੌਸਮ ਨੇ ਆਪਣਾ ਰੁਖ ਬਦਲ ਲਿਆ ਹੈ। ਇੱਥੇ ਮੈਦਾਨੀ ਇਲਾਕਿਆਂ 'ਚ ਮੀਂਹ ਪਿਆ ਅਤੇ ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸ਼੍ਰੀਨਗਰ-ਜੰਮੂ ਹਾਈਵੇਅ 'ਤੇ 2000 ਤੋਂ ਵੱਧ ਵਾਹਨ ਫਸੇ ਹੋਏ ਹਨ। ਜੰਮੂ-ਕਸ਼ਮੀਰ ਦੇ ਜ਼ੋਜਿਲਾ ਦਰੱਰੇ 'ਤੇ ਤਾਪਮਾਨ -25 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਿਸ ਨਾਲ ਇੱਥੇ ਸਥਿਤੀ ਹੋਰ ਵੀ ਮੁਸ਼ਕਲ ਹੋ ਗਈ ਹੈ।
ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ
ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਖਾਸ ਤੌਰ 'ਤੇ ਦਿੱਲੀ ਅਤੇ ਨੋਇਡਾ ਲਈ 31 ਦਸੰਬਰ ਤੱਕ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਇਨ੍ਹਾਂ ਇਲਾਕਿਆਂ 'ਚ ਭਾਰੀ ਮੀਂਹ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਮੱਧ ਭਾਰਤ ਅਤੇ ਉੱਤਰੀ ਭਾਰਤ 'ਚ ਮੀਂਹ ਪੈ ਸਕਦਾ ਹੈ, ਜਿਸ ਕਾਰਨ ਇਨ੍ਹਾਂ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ 11 ਸੂਬਿਆਂ 'ਚ ਤੂਫ਼ਾਨ, ਹਨੇਰੀ ਅਤੇ ਗੜੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ 'ਚ ਬਰਫ਼ਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ 'ਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਠੰਡ ਹੋਰ ਵਧ ਸਕਦੀ ਹੈ। ਇਨ੍ਹਾਂ ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਸਕਦੀ ਹੈ, ਜਿਸ ਨਾਲ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।
ਸੂਬਿਆਂ 'ਚ ਮੌਸਮ ਦਾ ਪ੍ਰਭਾਵ
ਮੌਸਮ ਵਿਭਾਗ ਮੁਤਾਬਕ ਪਾਕਿਸਤਾਨ ਦੇ ਉੱਤਰੀ ਹਿੱਸੇ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਭਾਰਤੀ ਉਪ ਮਹਾਂਦੀਪ 'ਚ ਮੌਸਮ ਬਦਲ ਰਿਹਾ ਹੈ। ਇਸ ਕਾਰਨ ਭਾਰਤ ਦੇ ਕਈ ਹਿੱਸਿਆਂ 'ਚ ਮੀਂਹ, ਤੂਫ਼ਾਨ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਉੱਤਰੀ ਛੱਤੀਸਗੜ੍ਹ 'ਚ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ ਅਤੇ ਇੱਥੋਂ ਮੱਧ ਭਾਰਤ ਅਤੇ ਉੱਤਰ-ਪੱਛਮੀ ਭਾਰਤ 'ਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ 'ਚ ਪੱਛਮੀ ਹਿਮਾਲੀਅਨ ਖੇਤਰਾਂ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।