ਮੀਂਹ ਅਤੇ ਬਰਫ਼ਬਾਰੀ ਦਾ ਅਲਰਟ, ਸੜਕਾਂ-ਹਾਈਵੇਅ ਤੇ ਸਕੂਲ ਬੰਦ
Friday, Jan 03, 2025 - 01:12 PM (IST)
ਨੈਸ਼ਨਲ ਡੈਸਕ- ਦੇਸ਼ ਭਰ 'ਚ ਇਨ੍ਹੀਂ ਦਿਨੀਂ ਠੰਡ ਦਾ ਕਹਿਰ ਜਾਰੀ ਹੈ ਅਤੇ ਜ਼ਿਆਦਾਤਰ ਸੂਬਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਮਹੀਨੇ ਕੜਾਕੇ ਦੀ ਠੰਡ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਪਿਛਲੇ 15 ਦਿਨਾਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ।
ਭਾਰੀ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ
ਭਾਰਤੀ ਮੌਸਮ ਵਿਭਾਗ (IMD) ਮੁਤਾਬਕ 3 ਤੋਂ 7 ਜਨਵਰੀ ਦੇ ਵਿਚਕਾਰ ਪੱਛਮੀ ਹਿਮਾਲਿਆ, ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਭਾਰੀ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਬਰਫਬਾਰੀ ਦੇ ਨਾਲ ਮੀਂਹ ਅਤੇ ਤੂਫਾਨ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਹਿਮਾਚਲ ਪ੍ਰਦੇਸ਼ 'ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਦਾ ਪ੍ਰਭਾਵ
ਜੰਮੂ-ਕਸ਼ਮੀਰ 'ਚ 4 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ 'ਚ 7 ਜਨਵਰੀ ਤੱਕ ਧੁੰਦ ਦਾ ਅਲਰਟ ਹੈ। 6 ਜਨਵਰੀ ਨੂੰ ਭਾਰੀ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ 'ਚ ਵੀ 4 ਤੋਂ 7 ਜਨਵਰੀ ਤੱਕ ਬਰਫਬਾਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਬਰਫਬਾਰੀ ਕਾਰਨ ਪਹਾੜੀ ਇਲਾਕਿਆਂ 'ਚ ਸੜਕਾਂ ਅਤੇ ਹਾਈਵੇਅ ਬੰਦ ਹੋ ਗਏ ਹਨ ਅਤੇ ਕਈ ਥਾਵਾਂ 'ਤੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।