NCM ਦੀ ਵਿਦੇਸ਼ ਮੰਤਰੀ ਨੂੰ ਅਪੀਲ, ਸਿੱਖ ਔਰਤ ਦੇ ਜ਼ਬਰੀ ਧਰਮ ਪਰਿਵਰਤਨ ਦਾ ਮੁੱਦਾ ਪਾਕਿਸਤਾਨ ਦੇ ਸਾਹਮਣੇ ਉਠਾਓ
Tuesday, Aug 23, 2022 - 11:48 AM (IST)
 
            
            ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (ਐੱਨ.ਸੀ.ਐੱਮ.) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿਚ ਇਕ ਸਿੱਖ ਔਰਤ ਦੇ ਜ਼ਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਕਿ ਭਵਿੱਖ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਖ਼ਬਰਾਂ ਮੁਤਾਬਕ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ਦੀ ਇਕ ਸਿੱਖ ਔਰਤ ਨੂੰ 20 ਅਗਸਤ ਨੂੰ ਹਥਿਆਰ ਦਿਖਾ ਕੇ ਅਗਵਾ ਕਰ ਲਿਆ ਗਿਆ ਅਤੇ ਫਿਰ ਉਸ ਨਾਲ ਜ਼ਬਰਦਸਤੀ ਵਿਆਹ ਕਰ ਲਿਆ ਗਿਆ। ਔਰਤ ਇਕ ਅਧਿਆਪਕਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ’ਚ ਸਿੱਖ ਕੁੜੀ ਦੇ ਅਗਵਾ ਦਾ ਮਾਮਲਾ; ਸਿੱਖ ਵਫ਼ਦ ਵੱਲੋਂ ਵਿਦੇਸ਼ ਮੰਤਰਾਲਾ ਨਾਲ ਮੁਲਾਕਾਤ
ਐੱਨ.ਸੀ.ਐੱਮ. ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਖੇਤਰ ਵਿਚ ਇਕ ਸਿੱਖ ਔਰਤ ਦੇ ਅਗਵਾ ਅਤੇ ਜ਼ਬਰੀ ਧਰਮ ਪਰਿਵਰਤਨ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਬਿਆਨ ਅਨੁਸਾਰ ਭਾਰਤ ਅਤੇ ਵਿਦੇਸ਼ਾਂ ਵਿਚ ਵਸਦੇ ਸਿੱਖ ਇਸ ਨੂੰ ਲੈ ਕੇ ਡੂੰਘੇ ਚਿੰਤਤ ਹਨ ਅਤੇ ਇਸ ਘਟਨਾ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਬਿਆਨ ਦੇ ਅਨੁਸਾਰ, ਐੱਨ.ਸੀ.ਐੱਮ. ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਇਹ ਮਾਮਲਾ ਪਾਕਿਸਤਾਨ ਵਿਚ ਆਪਣੇ ਹਮਰੁਤਬਾ ਕੋਲ ਉਠਾਉਣ ਦੀ ਬੇਨਤੀ ਕੀਤੀ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ। ਇਸ ਦੇ ਨਾਲ ਹੀ ਨਫ਼ਰਤ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਅਤੇ ਪਾਕਿਸਤਾਨ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            