ਰਾਜਸਥਾਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅਗਨੀ ਭੇਟ ਕੀਤੇ ਪਾਵਨ ਸਰੂਪ

Thursday, Jul 09, 2020 - 11:09 AM (IST)

ਰਾਜਸਥਾਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅਗਨੀ ਭੇਟ ਕੀਤੇ ਪਾਵਨ ਸਰੂਪ

ਬੀਕਾਨੇਰ — ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ 'ਚ ਸਥਿਤ ਪਿੰਡ 24 ਬੀ.ਡੀ. ਦੇ ਇਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਪਿੰਡ ਵਾਸੀ ਵਲੋਂ ਦੋ ਪਾਵਨ ਸਰੂਪਾਂ ਨਾਲ ਬੇਅਦਬੀ ਕੀਤੀ ਗਈ। ਉਸ ਵਲੋਂ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ ਪਾਵਨ ਸਰੂਪ ਨੂੰ ਚੁੱਕ ਕੇ ਗੁਰਦੁਆਰਾ ਦੀ ਇਮਾਰਤ 'ਤੇ ਪਿੱਛੇ ਲਿਜਾ ਕੇ ਅਗਨੀ ਭੇਟ ਕੀਤੇ।

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਸੰਗਤ ਅਤੇ ਰਾਜਸਥਾਨ ਦੀਆਂ ਸਿੱਖ ਜਥੇਬੰਦੀਆਂ ਮੌਕੇ 'ਤੇ ਪਹੁੰਚੀਆਂ। ਉਨ੍ਹਾਂ ਨੇ ਇਸ ਘਟਨਾ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਮੌਕੇ 'ਤੇ ਪੁੱਜੀ ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਕਾਬੂ ਕੀਤਾ ਗਿਆ ਸ਼ਖਸ ਮੰਦਬੁੱਧੀ ਹੈ। ਓਧਰ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਗੁਰੂ ਮਹਾਰਾਜ ਦੀ ਅਜਿਹੀ ਬੇਅਦਬੀ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ ਅਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਿਅਕਤੀ ਮੰਦਬੁੱਧੀ ਸੀ ਤਾਂ ਉਸ ਦੇ ਦਿਮਾਗ 'ਚ ਪਾਵਨ ਸਰੂਪ ਨੂੰ ਅਗਨੀ ਭੇਟ ਕਰਨ ਦੀ ਗੱਲ ਕਿਵੇਂ ਆਈ। ਸਿੱਖ ਸੰਗਤ ਨੇ ਸਖਤ ਨਿੰਦਾ ਕਰਦਿਆਂ ਕਿਹਾ ਕਿ ਉਸ ਨੂੰ ਪਤਾ ਨਹੀਂ ਕਿ ਉਸ ਨੇ ਕੀ ਕੀਤਾ ਹੈ ਤਾਂ ਫਿਰ ਉਸ ਨੇ ਆਪਣੇ ਘਰ ਕਿਉਂ ਨਹੀਂ ਅੱਗ ਲਾਈ। ਫਿਲਹਾਲ ਪੁਲਸ ਨੇ ਇਸ ਸੰਬੰਧੀ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਅਜਿਹੀ ਘਟਨਾ ਕੋਈ ਨਵੀਂ ਨਹੀਂ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਰਹੀਆਂ ਹਨ। ਕਦੇ ਪਾਵਨ ਸਰੂਪ ਨੂੰ ਅਗਨੀ ਭੇਟ ਕਰ ਦਿੱਤਾ ਜਾਂਦਾ ਹੈ ਅਤੇ ਕਦੇ ਅੰਗਾਂ ਨੂੰ ਪਾੜ ਕੇ ਹੇਠਾਂ ਸੁੱਟ ਦਿੱਤਾ ਜਾਂਦਾ ਰਿਹਾ ਹੈ। ਸਿੱਖਾਂ ਵਲੋਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾਂਦਾ ਰਿਹਾ ਹੈ ਪਰ ਫਿਰ ਵੀ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। 


author

Tanu

Content Editor

Related News