ਵਿਦਿਆਰਥੀਆਂ ਵਲੋਂ ਖੁਦਕੁਸ਼ੀਆਂ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ : ਧਨਖੜ
Wednesday, Dec 13, 2023 - 08:48 PM (IST)
ਨਵੀਂ ਦਿੱਲੀ, (ਭਾਸ਼ਾ)- ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਤਣਾਅ ਕਾਰਨ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦੇ ਵਧਦੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਹਾਊਸ ਦੇ ਮੈਂਬਰਾਂ ਨੂੰ ਇਸ ਮੁੱਦੇ ’ਤੇ ਚਰਚਾ ਦਾ ਪ੍ਰਸਤਾਵ ਦੇਣ ਲਈ ਕਿਹਾ ਹੈ।
ਬੁੱਧਵਾਰ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਮੈਂਬਰਾਂ ਨੇ ਵਿਦਿਆਰਥੀਆਂ ਦੀ ਖੁਦਕੁਸ਼ੀ ਬਾਰੇ ਪੰਜ ਪੂਰਕ ਸਵਾਲ ਪੁੱਛੇ। ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸਾਰੇ ਪੂਰਕ ਸਵਾਲਾਂ ਦੇ ਜਵਾਬ ਦਿੱਤੇ, ਪਰ ਮੈਂਬਰ ਇਸ ਮੁੱਦੇ ’ਤੇ ਆਪਣੀਆਂ ਚਿੰਤਾਵਾਂ ਜ਼ਾਹਰ ਕਰਦੇ ਰਹੇ। ਮੁੱਦੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਧਨਖੜ ਨੇ ਕਿਹਾ ਕਿ ਮੈਂ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਇਹ ਇੱਕ ਅਜਿਹਾ ਮੁੱਦਾ ਹੈ ਕਿ ਸਾਨੂੰ ਆਪਣੇ ਆਪ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਉਨ੍ਹਾਂ ਇੱਕ ਵਾਤਾਵਰਣ ਪ੍ਰਣਾਲੀ ਵਿਕਸਿਤ ਕਰਨ ਦਾ ਸੁਝਾਅ ਦਿੱਤਾ ਜਿੱਥੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਨੂੰ ਘਟਾਇਆ ਜਾ ਸਕੇ। ਇਸ ਨੂੰ ਜ਼ੀਰੋ ’ਤੇ ਲਿਆਂਦਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਨੇ ਹਾਊਸ ਨੂੰ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਮੁਤਾਬਕ 2022 ’ਚ 1,70,924 ਖੁਦਕੁਸ਼ੀਆਂ ਹੋਈਆਂ। ਇਨ੍ਹਾਂ ਵਿੱਚੋਂ 2,051 ਜਾਂ 1.2 ਫੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਕਾਰਨ ਖੁਦਕੁਸ਼ੀ ਕੀਤੀ। ਮੈਂ ਵਿਦਿਆਰਥੀਆਂ ਦੀ ਖੁਦਕੁਸ਼ੀ ਦੀ ਜ਼ਿੰਮੇਵਾਰੀ ਲੈਂਦਾ ਹਾਂ। ਇਹ ਜ਼ੀਰੋ ਹੋਣੀ ਚਾਹੀਦੀ ਹੈ।