ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਮੁੜ ਪਾਈ ਕਿਸਾਨੀ ਘੋਲ ’ਚ ਜਾਨ, ਗਾਜ਼ੀਪੁਰ ਸਰਹੱਦ ’ਤੇ ਪੁੱਜੇ ਮਨੀਸ਼ ਸਿਸੋਦੀਆ
Friday, Jan 29, 2021 - 12:05 PM (IST)
ਨਵੀਂ ਦਿੱਲੀ : 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਦੀ ਗਾਜ਼ੀਪੁਰ ਸਰਹੱਦ ’ਤੇ ਆਪਣੇ ਹੱਕਾਂ ਲਈ ਡਟੇ ਕਿਸਾਨਾਂ ਦਾ ਖਾਣਾ-ਪਾਣੀ, ਟਾਇਲਟ ਆਦਿ ਦੀ ਸੁਵਿਧਾ ਬੰਦ ਕਰ ਦਿੱਤੀ ਗਈ ਸੀ, ਜਿਸ ਕਾਰਣ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਇਸ ਸਬੰਧ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੁੜ ਇਹ ਸੁਵਿਧਾਵਾਂ ਰਾਤੋ-ਰਾਤ ਉਪਲਬੱਧ ਕਰਾਈਆਂ ਗਈਆਂ।
ਇਹ ਵੀ ਪੜ੍ਹੋ: ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ‘ਸਰਾਸਰ ਗਲਤ’ : ਕੈਪਟਨ ਅਮਰਿੰਦਰ ਸਿੰਘ
ਉਥੇ ਹੀ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਅੱਜ ਗਾਜ਼ੀਪੁਰ ਸਰਹੱਦ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਉਥੇ ਕਿਸਾਨਾਂ ਨੂੰ ਕੇਜਰੀਵਾਲ ਸਰਕਾਰ ਵੱਲੋਂ ਉਪਲੱਬਧ ਕਰਾਈਆਂ ਗਈਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਜੋ ਕਿਸਾਨ ਦੇਸ਼ ਨੂੰ ਰੋਟੀ ਦਿੰਦਾ ਹੈ ਉਸ ਨੂੰ ਭਾਜਪਾ ਅਤੇ ਸਰਕਾਰ ਵਿਚ ਬੈਠੇ ਲੋਕ ਗੱਦਾਰ ਕਹਿ ਰਹੇ ਹਨ। ਪਹਿਲੀ ਵਾਰ ਦੇਸ਼ ਦੇ ਇਤਿਹਾਸ ਵਿਚ ਅਜਿਹਾ ਹੋਇਆ ਹੈ ਕਿ ਦੇਸ਼ ਲਈ ਜਾਨ ਦੇਣ ਵਾਲੀ ਕੌਮ ਨੂੰ ਗੱਦਾਰ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੇਸ਼ ਦੀ ਜਨਤਾ ਨੂੰ ਦੱਸਣਾ ਪਏਗਾ ਕਿ ਉਹ ਕਿਉਂ ਇਨ੍ਹਾਂ ਨੂੰ ਗੱਦਾਰ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਮੋਦੀ ਜੀ ਨੂੰ ਇਹ ਦੱਸਣਾ ਪਏਗਾ ਕਿ ਇਨ੍ਹਾਂ ਦੀ ਅਜਿਹੀ ਕੀ ਮਜਬੂਰੀ ਹੈ ਜੋ ਕਿਸਾਨਾਂ ਦੀ ਗੱਲ ਨਾ ਸੁਣ ਕੇ ਪੂੰਜੀਪਤੀਆਂ ਦੀ ਗੱਲ ਸੁਣ ਰਹੇ ਹਨ। 26 ਜਨਵਰੀ ਨੂੰ ਹੋਈ ਹਿੰਸਾ ’ਤੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ 2 ਮਹੀਨੇ ਪਹਿਲਾਂ ਹੀ ਕਿਸਾਨਾਂ ਦੀ ਗੱਲ ਮੰਨ ਲਈ ਜਾਂਦੀ ਤਾਂ ਅਜਿਹੀ ਨੌਬਤ ਹੀ ਨਹੀਂ ਆਉਣੀ ਸੀ। ਉਨ੍ਹਾਂ ਕਿਹਾ ਕਿ ਹਿੰਸਾ ’ਚ ਸ਼ਾਮਲ ਲੋਕਾਂ ਵਿਰੁੱਧ ਜ਼ਰੂਰ ਕਾਰਵਾਈ ਹੋਣੀ ਚਾਹੀਦੀ ਹੈ ਪਰ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬੇਵਜ੍ਹਾ ਤੰਗ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਮੋਦੀ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਕਾਨੂੰਨਾਂ ਨੂੰ ਵਾਪਸ ਲੈ ਲਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਹਰ ਪੱਖੋਂ ਕਿਸਾਨਾਂ ਨੂੰ ਸਹਿਯੋਗ ਦੇਵੇਗੀ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।