ਅੰਦੋਲਨ ਕਰ ਰਹੇ ਕਿਸਾਨਾਂ ਨੂੰ ਲੱਗਣੀ ਚਾਹੀਦੀ ਹੈ ‘ਕੋਰੋਨਾ ਵੈਕਸੀਨ’: ਰਾਕੇਸ਼ ਟਿਕੈਤ

Thursday, Mar 18, 2021 - 04:55 PM (IST)

ਨਵੀਂ ਦਿੱਲੀ— ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵੀ ਕੋਰੋਨਾ ਵਾਇਰਸ ਦੀ ਵੈਕਸੀਨ ਲੱਗਣੀ ਚਾਹੀਦੀ ਹੈ। ਟਿਕੈਤ ਨੇ ਇਸ ਦੇ ਨਾਲ ਹੀ ਕਿਹਾ ਕਿ ਜੇਲ ’ਚ ਬੰਦ ਕੈਦੀਆਂ ਨੂੰ ਵੀ ਵੈਕਸੀਨ ਲੱਗਣੀ ਚਾਹੀਦੀ ਹੈ। ਉਨ੍ਹਾਂ ਨੇ ਖ਼ੁਦ ਵੀ ਵੈਕਸੀਨ ਲਗਵਾਉਣ ਦੀ ਗੱਲ ਆਖੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੰਗ ਕੀਤੀ ਕਿ ਅੰਦੋਲਨ ਵਾਲੀ ਜਗ੍ਹਾ ’ਤੇ ਕਿਸਾਨਾਂ ਨੂੰ ਟੀਕੇ ਲਗਾਏ ਜਾਣ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਗਾਜ਼ੀਪੁਰ ਸਰਹੱਦ ’ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। 

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਕਰੀਬ 3 ਮਹੀਨਿਆਂ ਤੋਂ ਡਟੇ ਹੋਏ ਹਨ। ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਅਤੇ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਲਈ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਪੰਜਾਬ, ਹਰਿਆਣਾ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੇ ਗਾਜ਼ੀਪੁਰ, ਸਿੰਘੂ, ਟਿਕਰੀ ਸਰਹੱਦਾਂ ’ਤੇ ਡਟੇ ਹੋਏ ਹਨ। ਹੁਣ ਤੱਕ ਸਰਕਾਰ ਨਾਲ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਸਿੱਟਾ ਨਹੀਂ ਨਿਕਲਿਆ। ਹਾਲਾਂਕਿ ਕੇਂਦਰ ਦੇ ਮੰਤਰੀਆਂ ਵਲੋਂ ਇਹ ਬਿਆਨ ਆਉਂਦੇ ਰਹੇ ਹਨ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ। 

ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਵਿਡ-19 ਦੀ ਦੂਜੀ ਲਹਿਰ ਦੱਸੀ ਜਾ ਰਹੀ ਹੈ। ਦੇਸ਼ ਭਰ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਵਿਚ ਲਗਾਤਾਰ ਤੇਜ਼ੀ ਵੇਖੀ ਜਾ ਰਹੀ ਹੈ। ਭਾਰਤ ਵਿਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 1,14,74,605 ਹੈ। 72 ਨਵੀਆਂ ਮੌਤਾਂ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 1,59,216 ਹੋ ਗਈ ਹੈ। ਦੇਸ਼ ਅੰਦਰ ਸਰਗਰਮ ਕੇਸਾਂ ਦੀ ਗਿਣਤੀ ਹੁਣ 2,52,364 ਹੈ ਅਤੇ 1,10,63,025 ਲੋਕ ਕੋਰੋਨਾ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਜੇਕਰ ਵੈਕਸੀਨ ਦੀ ਗੱਲ ਕੀਤੀ ਜਾਵੇ ਤਾਂ ਕੁੱਲ 3.71 ਕਰੋੜ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਾਈ ਗਈ ਹੈ।


Tanu

Content Editor

Related News