ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ : ਰਾਕੇਸ਼ ਟਿਕੈਤ
Tuesday, Feb 02, 2021 - 03:12 PM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 69ਵੇਂ ਦਿਨ ਵੀ ਜਾਰੀ ਹੈ। ਕਿਸਾਨ ਕਾਨੂੰਨ ਵਾਪਸੀ ਦੀ ਮੰਗ 'ਤੇ ਅੜੇ ਹੋਏ ਹਨ। ਇਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਇਹ ਅੰਦੋਲਨ ਅਕਤੂਬਰ ਤੱਕ ਚੱਲੇਗਾ। ਅਕਤੂਬਰ ਤੋਂ ਬਾਅਦ ਅੱਗੇ ਦੀ ਤਾਰੀਖ਼ ਦੇਵਾਂਗੇ। ਇਸ ਦੇ ਨਾਲ ਹੀ ਗੱਲਬਾਤ ਵੀ ਚੱਲਦੀ ਰਹੇਗੀ। ਟਿਕੈਤ ਨੇ ਕਿਹਾ ਕਿ ਨੌਜਵਾਨਾਂ ਨੂੰ ਬਹਿਕਾਇਆ ਗਿਆ। ਉਨ੍ਹਾਂ ਨੂੰ ਲਾਲ ਕਿਲ੍ਹੇ ਦਾ ਰਸਤਾ ਦੱਸਿਆ ਗਿਆ ਤਾਂ ਕਿ ਪੰਜਾਬ ਦੀ ਕੌਮ ਬਦਨਾਮ ਹੋਵੇ। ਕਿਸਾਨ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ।
ਟਿਕੈਤ ਨੇ ਕਿਹਾ ਕਿ ਸਾਡਾ ਨਾਅਰਾ 'ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ'। ਇਹ ਅੰਦੋਲਨ ਅਕਤੂਬਰ ਤੋਂ ਪਹਿਲਾਂ ਖ਼ਤਮ ਨਹੀਂ ਹੋਵੇਗਾ, ਇਹ ਜਲਦੀ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਸਾਡਾ ਸਮਰਥਨ ਕਰਨ ਲਈ ਆ ਰਹੇ ਹਨ ਤਾਂ ਕੋਈ ਸਮੱਸਿਆ ਨਹੀਂ ਹੈ ਪਰ ਇਸ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਟਿਕੈਤ ਨੇ ਕਿਹਾ ਕਿ ਜੇਕਰ ਨੇਤਾ ਆਉਂਦੇ ਹਨ ਤਾਂ ਅਸੀਂ ਕੁਝ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਟਰੈਫਿਕ ਕਿਸਾਨਾਂ ਦੇ ਅੰਦੋਲਨ ਕਾਰਨ ਨਹੀਂ ਸਗੋਂ ਪੁਲਸ ਬੈਰੀਕੇਡਿੰਗ ਕਾਰਨ ਬਲਾਕ ਹੋ ਰਹੀ ਹੈ।
26 ਜਨਵਰੀ ਨੂੰ ਟਰੈਕਟਰ ਪਰੇਡ ਹਿੰਸਾ ਮਗਰੋਂ ਗਾਜ਼ੀਆਬਾਦ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਨ ਹਟਾਉਣ ਦਾ ਅਲਟੀਮੇਟਮ ਦਿੱਤਾ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਗਾਜ਼ੀਪੁਰ ਸਰਹੱਦ ਤੋਂ ਹਟਾ ਦਿੱਤਾ ਜਾਵੇਗਾ ਪਰ ਰਾਕੇਸ਼ ਟਿਕੈਤ ਦੇ ਹੰਝੂਆਂ ਅਤੇ ਭਾਵਨਾਤਮਕ ਅਪੀਲ ਦਾ ਇੰਨਾ ਅਸਰ ਹੋਇਆ ਕਿ ਉੱਥੇ ਕਿਸਾਨਾਂ ਦਾ ਹਜ਼ੂਮ ਲੱਗ ਗਿਆ। ਅਜਿਹੇ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ਨੂੰ ਕਿਲ੍ਹੇ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਸ ਨੇ ਉੱਥੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਬੈਰੀਕੇਡ ਦੀ ਗਿਣਤੀ ਵੀ ਵਧਾ ਦਿੱਤੀ ਹੈ।