ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਜ਼ਿੰਦਾ ਸਾੜਿਆ, ਪਿੰਡ ਵਾਸੀਆਂ ਨੇ ਮੋਟਰਸਾਈਕਲ ਸਣੇ ਲਾਈ

06/09/2022 5:41:12 PM

ਗੁਮਲਾ (ਝਾਰਖੰਡ)- ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਕਰੀਬ 90 ਕਿਲੋਮੀਟਰ ਦੂਰ ਗੁਮਲਾ ਜ਼ਿਲ੍ਹੇ ਦੇ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਬਸੂਆ ਪਿੰਡ ’ਚ ਬੁੱਧਵਾਰ ਰਾਤ ਨੂੰ ਗੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਇਕ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਉਨ੍ਹਾਂ ਦੀ ਮੋਟਰਸਾਈਕ ਸਮੇਤ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਕਾਰਨ ਦੋਵੇਂ ਗੰਭੀਰ ਰੂਪ 'ਚ ਝੁਲਸ ਗਏ। ਜ਼ਖਮੀਆਂ 'ਚੋਂ ਇਕ ਦੀ ਹਸਪਤਾਲ 'ਚ ਮੌਤ ਹੋ ਗਈ, ਜਦਕਿ ਦੂਜਾ ਮੌਤ ਦੀ ਲੜਾਈ ਲੜ ਰਿਹਾ ਹੈ। 

ਗੁਮਲਾ ਦੇ ਪੁਲਸ ਸੁਪਰਡੈਂਟ ਅਹਿਤੇਸ਼ਾਮ ਵਕਾਰੀਬ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਸਦਰ ਥਾਣਾ ਖੇਤਰ ਵਿਚ ਇਕ 18 ਸਾਲਾ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪਿੰਡ ਵਾਸੀ ਮੁਲਜ਼ਮ ਨੌਜਵਾਨਾਂ ਨੂੰ ਉਨ੍ਹਾਂ ਦੇ ਮੋਟਰਸਾਈਕਲ ਸਮੇਤ ਪੀੜਤਾ ਦੇ ਪਿੰਡ ਲੈ ਆਏ ਅਤੇ ਉੱਥੇ ਦੋਵਾਂ ਨੂੰ ਮੋਟਰਸਾਈਕਲ ਸਮੇਤ ਅੱਗ ਲਾ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਰੂਪ ਨਾਲ ਝੁਲਸ ਗਏ।

ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਕਿਸੇ ਤਰ੍ਹਾਂ ਦੋਵਾਂ ਨੌਜਵਾਨਾਂ ਨੂੰ ਛੁਡਾਇਆ ਅਤੇ ਤੁਰੰਤ ਸਦਰ ਹਸਪਤਾਲ ਪਹੁੰਚਾਇਆ। ਪੁਲਸ ਨੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਵੀ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਬਾਅਦ 'ਚ ਸਿਹਤ ਵਿਗੜਨ 'ਤੇ ਦੋਵਾਂ ਦੋਸ਼ੀਆਂ ਨੂੰ ਬਿਹਤਰ ਇਲਾਜ ਲਈ ਰਾਂਚੀ ਦੇ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸੇਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਅੱਜ ਇਕ ਦੋਸ਼ੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੂਜਾ ਮੁਲਜ਼ਮ ਵੀ ਬੁਰੀ ਤਰ੍ਹਾਂ ਝੁਲਸਿਆ ਹੈ, ਉਹ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। 

ਪੁਲਸ ਮੁਤਾਬਕ ਪੀੜਤਾ ਅਤੇ ਦੋਵੇਂ ਮੁਲਜ਼ਮ ਬਸੂਆ ਪਿੰਡ ਦੇ ਰਹਿਣ ਵਾਲੇ ਹਨ। ਪੁਲਸ ਨੇ ਕਿਹਾ ਕਿ ਦੋਸ਼ੀ ਨੌਜਵਾਨਾਂ ਦੀ ਕੁੱਟਮਾਰ ਕਰਨ ਅਤੇ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਵਾਸੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੁਲਸ ਨੇ ਪਿੰਡ ਵਿਚ ਡੇਰੇ ਲਾਏ ਹੋਏ ਹਨ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਪੈਦਾ ਹੋਏ ਤਣਾਅ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Tanu

Content Editor

Related News