ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

Thursday, Dec 31, 2020 - 08:58 PM (IST)

ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

ਕਿਸਾਨ ਅੰਦੋਲਨ 2020: ਜਾਣੋ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੇ ਆਗੂਆਂ ਬਾਰੇ
ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਨੇ ਅੱਜ ਦੇਸ਼ ਦੇ ਲਗਭਗ ਹਰ ਛੋਟੇ ਵੱਡੇ ਸੂਬਿਆਂ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਇਕ ਪਲੇਟਫਾਰਮ ਮੁਹੱਈਆ ਕਰਵਾਇਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਸਦਕਾ ਅੱਜ ਦੇਸ਼ ਦੇ ਹਰ ਨਾਗਰਿਕ ਵਿੱਚ ਕ੍ਰਾਂਤੀਕਾਰੀ ਜਾਗਰੂਕਤਾ ਪੈਦਾ ਹੋਈ ਹੈ । ਸੰਘਰਸ਼ ਦੀਆਂ ਬਹੁਤ ਸਾਰੀਆਂ ਖ਼ੂਬੀਆਂ ਵਿੱਚੋਂ ਇੱਕ ਖ਼ੂਬਸੂਰਤੀ ਇਹ ਹੈ ਕਿ ਇਹ ਸੰਘਰਸ਼ ਇੰਨਾ ਲੰਮਾ ਹੋ ਜਾਣ ਦੇ ਬਾਵਜੂਦ ਹਾਲੇ ਤੱਕ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਅਨੁਸ਼ਾਸਨ ਦੇ ਦਾਇਰੇ ਵਿੱਚ ਹੈ।

ਕੇਰਲ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪਾਸ
ਕੇਰਲ ਦੀ ਪਿਨਰਾਈ ਵਿਜਯਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੈਸ਼ਨ 'ਚ ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਪ੍ਰਸਤਾਵ ਨੂੰ ਕਾਂਗਰਸ ਸਮੇਤ ਵਿਰੋਧੀ ਦਲਾਂ ਨੇ ਆਪਣਾ ਪੂਰਾ ਸਮਰਥਨ ਦਿੱਤਾ। ਵਿਧਾਨ ਸਭਾ 'ਚ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਅਸਲ ਚਿੰਤਾਵਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਅਤੇ ਕੇਂਦਰ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ।

ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ
ਕੋਰੋਨਾ ਦੀ ਆੜ ਹੇਠ ਕੇਂਦਰ ਸਰਕਾਰ ਨੇ ਬੜੀ ਜਲਦੀ 'ਚ ਖੇਤੀ ਨਾਲ ਸਬੰਧਿਤ ਬਿੱਲ ਲਿਆਂਦੇ।ਸੂਝਵਾਨ ਕਿਸਾਨ ਆਗੂਆਂ ਵਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ।ਫਿਰ ਵਿਰੋਧ ਦੇ ਬਾਵਜੂਦ ਲੋਕ ਸਭਾ ਅਤੇ ਰਾਜ ਸਭਾ 'ਚ ਇਹ ਬਿੱਲ ਪਾਸ ਵੀ ਹੋ ਗਏ।

ਕਿਸਾਨੀ ਘੋਲ ਦਾ ਅੱਜ 36ਵਾਂ ਦਿਨ, ਸੜਕਾਂ ’ਤੇ ਹੀ ‘ਨਵਾਂ ਸਾਲ’ ਮਨਾਉਣਗੇ ਕਿਸਾਨ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ ਯਾਨੀ ਕਿ ਵੀਰਵਾਰ ਨੂੰ 36ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੁੱਧਵਾਰ ਨੂੰ 6ਵੇਂ ਦੌਰ ਦੀ ਗੱਲਬਾਤ ਹੋਈ। ਇਸ ਗੱਲਬਾਤ ’ਚ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਨਾਲ ਸਬੰਧਤ ਕਾਨੂੰਨੀ ਵਿਵਸਥਾਵਾਂ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ’ਤੇ ਸਹਿਮਤੀ ਬਣੀ। 

ਰਾਜਸਥਾਨ-ਹਰਿਆਣਾ ਸਰਹੱਦ ’ਤੇ ਕਿਸਾਨਾਂ ਦਾ ਹੰਗਾਮਾ, ਬੈਰੀਕੇਡ ਤੋੜੇ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਜਾਰੀ ਹੈ। ਇਸ ਦਰਮਿਆਨ ਰਾਜਸਥਾਨ ਦੇ ਕਿਸਾਨ ਰਾਜਸਥਾਨ-ਹਰਿਆਣਾ ਦੀ ਸਰਹੱਦ ਸ਼ਾਹਜਹਾਂਪੁਰ ’ਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਕਰੀਬ ਇਕ ਦਰਜਨ ਟਰੈਕਟਰਾਂ ਰਾਹੀਂ ਕਿਸਾਨ ਹਰਿਆਣਾ ਪੁਲਸ ਦੇ ਬੈਰੀਕੇਡ ਤੋੜਦੇ ਹੋਏ ਦਿੱਲੀ ਰਵਾਨਾ ਹੋ ਗਏ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


author

Inder Prajapati

Content Editor

Related News