ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

01/08/2021 8:56:34 PM

ਕੇਂਦਰ ਵਲੋਂ ਕਾਨੂੰਨ ਰੱਦ ਕਰਨ ਤੋਂ ਸਾਫ਼ ਇਨਕਾਰ, ਕਿਸਾਨਾਂ ਦਾ ਲਿਖਤੀ ਜਵਾਬ 'ਜਾਂ ਮਰਾਂਗੇ ਜਾਂ ਜਿੱਤਾਂਗੇ'
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਗੱਲਬਾਤ ਜਾਰੀ ਹੈ। ਇਸ ਦੌਰਾਨ ਕਿਸਾਨ ਅਤੇ ਸਰਕਾਰ ਆਪਣੇ-ਆਪਣੇ ਰੁਖ 'ਤੇ ਅੜੇ ਹੋਏ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਖੇਤੀਬਾੜੀ ਮੰਤਰੀ ਅਤੇ ਕਿਸਾਨ ਆਗੂਆਂ ਵਿਚਾਲੇ ਤਲ਼ਖ਼ੀਆਂ ਵੇਖਣ ਨੂੰ ਮਿਲੀਆਂ।

ਬੇਨਤੀਜਾ ਰਹੀ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ, 15 ਜਨਵਰੀ ਨੂੰ ਹੋ ਸਕਦੀ ਹੈ ਅਗਲੀ ਮੀਟਿੰਗ
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਬੈਠਕ ਖ਼ਤਮ ਹੋ ਗਈ ਹੈ। ਕਰੀਬ 3 ਘੰਟੇ ਚੱਲੀ ਇਹ ਬੈਠਕ ਵੀ ਬੇਨਤੀਜਾ ਰਹੀ। ਹੁਣ 15 ਜਨਵਰੀ ਨੂੰ 9ਵੇਂ ਦੌਰ ਦੀ ਅਗਲੀ ਬੈਠਕ ਹੋਵੇਗੀ। ਅੱਜ ਦੀ ਬੈਠਕ 'ਚ ਸਰਕਾਰ ਨੇ ਕਿਸਾਨਾਂ ਨੂੰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ। ਬੈਠਕ ਤੋਂ ਬਾਅਦ ਕਿਸਾਨ ਆਗੂ ਹਨਾਨ ਮੁੱਲਾ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ।

ਕਿਸਾਨ ਅੰਦੋਲਨ ਨੇ ਤੋੜੀਆਂ ਕਈ ਮਿੱਥਾਂ, ਪੂਰੀ ਦੁਨੀਆ ਨੂੰ ਦਿੱਤਾ ਨਵਾਂ ਸੰਦੇਸ਼
ਕਿਸਾਨ ਅੰਦੋਲਨ ਨੇ ਗਾਂਧੀਵਾਦ ਦੇ ਸਿਧਾਂਤ ਨੂੰ ਪ੍ਰਸੰਗਿਕ ਬਣਾਇਆ ਹੈ। ਕਿਸਾਨਾਂ ਦਾ ਅੰਦੋਲਨ ਹਾਲੇ ਤੱਕ ਪੂਰੀ ਤਰ੍ਹਾਂ ਨਾਲ ਹਿੰਸਾ ਤੋਂ ਪਰ੍ਹੇ ਹੈ। ਸਰਕਾਰ ਦੇ ਸਾਹਮਣੇ ਕਿਸਾਨ ਅੰਦੋਲਨ ਦਾ ਗਾਂਧੀਵਾਦੀ ਤਰੀਕਾ ਪਰੇਸ਼ਾਨੀ ਬਣਿਆ ਹੋਇਆ ਹੈ। ਸਰਕਾਰ ਦੀ ਅਹਿਮ ਇੱਛਾ ਹੈ ਕਿ ਅੰਦੋਲਨ ਹਿੰਸਕ ਹੋਵੇ ਤਾਂ ਕਿ ਪੁਲਸ ਕਾਰਵਾਈ ਦਾ ਬਹਾਨਾ ਮਿਲ ਜਾਵੇ ਪਰ ਕਿਸਾਨਾਂ ਨੇ ਸਰਕਾਰ ਦੀ ਹਰ ਚਾਲ ਅਸਫ਼ਲ ਕਰ ਦਿੱਤੀ ਹੈ।

ਹੱਲ ਨਾ ਨਿਕਲਦਾ ਵੇਖ ਸਰਕਾਰ ਨੇ ਕਿਸਾਨਾਂ ਨੂੰ ਕਿਹਾ- ਹੁਣ ਫੈਸਲਾ ਸੁਪਰੀਮ ਕੋਰਟ ਕਰੇ ਤਾਂ ਬਿਹਤਰ
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਸ਼ੁੱਕਰਵਾਰ ਨੂੰ ਇਕ ਹੋਰ ਦੌਰ ਦੀ ਗੱਲਬਾਤ ਹੋਈ। ਅੱਜ ਦੀ ਬੈਠਕ ਵੀ ਬੇਨਤੀਜਾ ਰਹੀ। ਸਰਕਾਰ ਅਤੇ ਕਿਸਾਨ ਆਪਣੀ-ਆਪਣੀ ਜਿੱਦ 'ਤੇ ਅੜੇ ਹੋਏ ਹਨ। ਸਰਕਾਰ ਨੇ ਅੱਜ ਦੀ ਬੈਠਕ 'ਚ ਸਾਫ ਕਰ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ। ਉਥੇ ਹੀ ਕਿਸਾਨ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ।

ਕਿਸਾਨ ਮੀਟਿੰਗ ਤੋਂ ਪਹਿਲਾਂ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ, 6 ਮਹੀਨੇ ਲਈ ਕੇਂਦਰ ਰੱਦ ਕਰੇ ਖੇਤੀ ਕਾਨੂੰਨ
ਕਿਸਾਨਾਂ ਨਾਲ ਅੱਜ ਅਠਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ ਆਖਿਆ ਹੈ। ਮਨਪ੍ਰੀਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਜਦਕਿ ਇਸ ਦੇ ਉਲਟ ਕੇਂਦਰ ਸਰਕਾਰ ਅੜੀਅਲ ਰਵੱਈਆ ਵਰਤ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

Inder Prajapati

This news is Content Editor Inder Prajapati