ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

Thursday, Jan 14, 2021 - 09:02 PM (IST)

ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ

ਕਿਸਾਨ ਅੰਦੋਲਨ: ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ’ਚੋਂ ਵੱਖ ਹੋਏ ਭੁਪਿੰਦਰ ਸਿੰਘ ਮਾਨ
ਕੇਂਦਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਹਾਲ ਹੀ ’ਚ ਇਕ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ’ਚ ਸ਼ਾਮਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ : ਕੈਪਟਨ
ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।

ਸੁਪਰੀਮ ਕੋਰਟ ਦੀ ਕਮੇਟੀ ਤੋਂ ਵੱਖ ਹੋਏ ਭੂਪਿੰਦਰ ਮਾਨ, ਯੋਗੇਂਦਰ ਯਾਦਵ ਬੋਲੇ- ਪਹਿਲਾ ਵਿਕੇਟ ਡਿੱਗਿਆ!
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੂਪਿੰਦਰ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਵਿਚਾਲੇ ਗਤੀਰੋਧ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ਤੋਂ ਵੱਖ ਹੋ ਗਏ ਹਨ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਚ ਤਰ੍ਹਾਂ-ਤਰ੍ਹਾਂ ਦੇ ਕਮੈਂਟ ਦੇਖਣ ਨੂੰ ਮਿਲ ਰਹੇ ਹਨ।

ਕਿਸਾਨ ਅੰਦੋਲਨ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਭਲਕੇ ਹੋਵੇਗੀ 9ਵੇਂ ਦੌਰ ਦੀ ਗੱਲਬਾਤ
ਕਿਸਾਨੀ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਕੱਲ੍ਹ ਯਾਨੀ ਕਿ 15 ਜਨਵਰੀ ਨੂੰ 9ਵੇਂ ਦੌਰ ਦੀ ਗੱਲਬਾਤ ਹੋਵੇਗੀ। ਦਿੱਲੀ ਵਿਖੇ ਵਿਗਿਆਨ ਭਵਨ ’ਚ ਇਹ ਬੈਠਕ ਦੁਪਹਿਰ 12 ਵਜੇ ਹੋਵੇਗੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੋਣ ਵਾਲੀ ਇਸ ਬੈਠਕ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 9ਵੇਂ ਦੌਰ ਦੀ ਗੱਲਬਾਤ ’ਚ ਸਕਾਰਾਤਮਕ ਚਰਚਾ ਹੋਵੇਗੀ।

50ਵੇਂ ਦਿਨ ’ਚ ਪੁੱਜਾ ਕਿਸਾਨੀ ਘੋਲ, ‘ਟਰੈਕਟਰ ਮਾਰਚ’ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਜਾਰੀ ਟਕਰਾਅ ਸੁਪਰੀਮ ਕੋਰਟ ਦੇ ਦਖਲ ਦੇ ਬਾਵਜੂਦ ਛੇਤੀ ਖਤਮ ਹੁੰਦਾ ਨਹੀਂ ਵਿਖਾਈ ਦੇ ਰਿਹਾ ਹੈ। ਸੁਪਰੀਮ ਕੋਰਟ ਨੇ ਭਾਂਵੇ ਹੀ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਠੰਡੇ ਬਸਤੇ ਵਿਚ ਪਾ ਕੇ 4 ਮੈਂਬਰੀ ਕਮੇਟੀ ਦਾ ਗਠਨ ਕਰ ਕੇ ਕਿਸਾਨਾਂ ਨੂੰ ਆਪਣੀ ਗੱਲ ਉਸ ਦੇ ਸਾਹਮਣੇ ਰੱਖਣ ਲਈ ਕਿਹਾ ਹੈ ਪਰ ਕਿਸਾਨਾਂ ਨੇ ਕਮੇਟੀ ਸਾਹਮਣੇ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News