ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Tuesday, Feb 02, 2021 - 08:56 PM (IST)

ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਰਾਕੇਸ਼ ਟਿਕੈਤ ਨੇ ਕੇਂਦਰ ’ਤੇ ਮੁੜ ਵਿੰਨਿ੍ਹਆ ਨਿਸ਼ਾਨਾ, ਕਿਹਾ- ਰੋਟੀ ਨੂੰ ਸੰਦੂਕ ’ਚ ਬੰਦ ਕਰਨ ਦੀ ਸਾਜ਼ਿਸ਼
ਦਿੱਲੀ-ਉਤਰ ਪ੍ਰਦੇਸ਼ ਵਿਚਾਲੇ ਸਥਿਤ ਗਾਜ਼ੀਪੁਰ ਸਰਹੱਦ ਨੂੰ ਸੋਮਵਾਰ ਨੂੰ ਇਕ ਕਿਲ੍ਹੇ ਵਿਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਹਜ਼ਾਰਾਂ ਕਿਸਾਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਸਥਾਨ ’ਤੇ ਕਈ ਬੈਰੀਕੇਡਸ ਲਗਾਏ ਗਏ ਹਨ ਅਤੇ ਸੁਰੱਖਿਆ ਫੋਰਸਾਂ ਦੀ ਵੱਡੀ ਗਿਣਤੀ ਵਿਚ ਤਾਇਨਾਤੀ ਕੀਤੀ ਗਈ ਹੈ।

ਹਿਰਾਸਤ 'ਚ ਲਏ ਗਏ ਕਿਸਾਨਾਂ ਦੀ ਰਿਹਾਈ ਤੱਕ ਸਰਕਾਰ ਨਾਲ ਨਹੀਂ ਹੋਵੇਗੀ ਕੋਈ ਗੱਲਬਾਤ : ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਮੰਗਲਵਾਰ ਨੂੰ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਵਲੋਂ ਉਤਪੀੜਨ ਬੰਦ ਹੋਣ ਅਤੇ ਹਿਰਾਸਤ 'ਚ ਲਏ ਗਏ ਕਿਸਾਨਾਂ ਦੀ ਰਿਹਾਈ ਤੱਕ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਰਸਮੀ ਗੱਲਬਾਤ ਨਹੀਂ ਹੋਵੇਗੀ। ਕਈ ਕਿਸਾਨ ਸੰਗਠਨਾਂ ਦੇ ਇਸ ਸਮੂਹ ਨੇ ਇਕ ਬਿਆਨ ਜਾਰੀ ਕਰ ਕੇ ਇਹ ਦੋਸ਼ ਵੀ ਲਗਾਇਆ ਕਿ ਸੜਕਾਂ 'ਤੇ ਕਿੱਲ ਲਗਾਉਣ, ਕੰਡੀਲੀਆਂ ਤਾਰਾਂ ਲਗਾਉਣ, ਸੜਕ ਮਾਰਗਾਂ ਨੂੰ ਬੰਦ ਕਰਨ ਸਮੇਤ ਬੈਰੀਕੇਡ ਵਧਾਏ ਜਾਣਾ, ਇੰਟਰਨੈੱਟ ਸੇਵਾਵਾਂ ਬੰਦ ਕਰਨਾ ਅਤੇ ਭਾਜਪਾ-ਆਰ.ਐੱਸ.ਐੱਸ. ਦੇ ਵਰਕਰਾਂ ਦੇ ਮਾਧਿਅਮ ਨਾਲ ਪ੍ਰਦਰਸ਼ਨ ਕਰਵਾਉਣਾ ਸਰਕਾਰ, ਪੁਲਸ ਅਤੇ ਪ੍ਰਸ਼ਾਸਨ ਵਲੋਂ ਯੋਜਨਾਬੱਧ ਹਮਲਿਆਂ ਦਾ ਹਿੱਸਾ ਹਨ। 

ਕਿਸਾਨੀ ਮੁੱਦੇ ’ਤੇ ਰਾਜ ਸਭਾ ’ਚ ਹੰਗਾਮਾ, ਬੈਠਕ ਪੂਰੇ ਦਿਨ ਲਈ ਮੁਲਤਵੀ
ਰਾਜ ਸਭਾ ਵਿਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਸਦਨ ’ਚ ਤੁਰੰਤ ਚਰਚਾ ਕਰਾਉਣ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ, ਜਿਸ ਦੀ ਵਜ੍ਹਾ ਕਰ ਕੇ ਬੈਠਕ 3 ਵਾਰ ਮੁਲਵਤੀ ਕਰਨ ਮਗਰੋਂ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। 

ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਸਭਾ ’ਚ ਮੁੜ ਲਿਆਂਦੇ ਜਾਣਗੇ ਸੋਧ ਬਿੱਲ : ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਵਿੱਚ ਸੂਬੇ ਦੇ ਸੋਧ ਬਿੱਲ ਮੁੜ ਲਿਆਵੇਗੀ। ਉਨ੍ਹਾਂ ਕਿਹਾ ਕਿ ‘ਅਸੀਂ ਬਿੱਲ ਦੁਬਾਰਾ ਲਿਆਂਵਾਗੇ, ਕਿਉਂਕਿ ਸੰਵਿਧਾਨ ਅਨੁਸਾਰ ਜੇਕਰ ਬਿੱਲਾਂ ਨੂੰ ਵਿਧਾਨ ਸਭਾ ਵੱਲੋਂ ਦੋ ਵਾਰ ਪਾਸ ਕੀਤਾ ਜਾਂਦਾ ਹੈ ਤਾਂ ਰਾਜਪਾਲ ਨੂੰ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ।’

ਰਾਕੇਸ਼ ਟਿਕੈਤ ਨੇ ਮੰਗਵਾਇਆ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਦਾ ‘ਜਲ’
ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਡਟੇ ਹੋਏ ਹਨ। ਕਿਸਾਨੀ ਘੋਲ ਅੱਜ 69ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਅੱਜ ਯਾਨੀ ਕਿ ਮੰਗਲਵਾਰ ਸ੍ਰੀ ਹਰਿਮੰਦਰ ਸਾਹਿਬ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿਚ ਦਿਓ ਜਵਾਬ।
 


author

Inder Prajapati

Content Editor

Related News