ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

Thursday, Feb 18, 2021 - 08:29 PM (IST)

ਮਹਾਰਾਸ਼ਟਰ ’ਚ ਰਾਕੇਸ਼ ਟਿਕੈਤ ਨੂੰ ‘ਕਿਸਾਨ ਮਹਾਪੰਚਾਇਤ’ ਲਈ ਨਹੀਂ ਮਿਲੀ ਇਜਾਜ਼ਤ
ਕੋਰੋਨਾ ਵਾਇਰਸ ਦੇ ਕੇਸ ਵੱਧਣ ਦੇ ਮੱਦੇਨਜ਼ਰ ਪੂਰਬੀ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੂੰ 20 ਫਰਵਰੀ 2021 ਦੀ ਮਹਾਪੰਚਾਇਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਯਵਤਮਾਲ ਦੇ ਜ਼ਿਲ੍ਹਾ ਅਧਿਕਾਰੀ ਐੱਮ. ਡੀ. ਸਿੰਘ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿਚ ਕੋਵਿਡ-19 ਦੇ ਕੇਸ ਵਧੇ ਹਨ, ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹੇ ਦੇ ਪੁਲਸ ਅਧਿਕਾਰੀ ਨੇ ਇਹ ਰਿਪੋਰਟ ਦਿੱਤੀ ਹੈ ਕਿ ਰੈਲੀ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- ਲੋੜ ਪਈ ਤਾਂ 40 ਲੱਖ ਟਰੈਕਟਰਾਂ ਨਾਲ ਜਾਵਾਂਗੇ ਦਿੱਲੀ
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੱਜ ਯਾਨੀ ਵੀਰਵਾਰ ਨੂੰ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਅਜਿਹੇ 'ਚ ਦੇਸ਼ ਦੀਆਂ ਵੱਖ-ਵੱਖ ਥਾਂਵਾਂ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਪੱਟੜੀਆਂ 'ਤੇ ਬੈਠੇ ਹਨ। ਇਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਹਾ ਕਿ ਕੇਂਦਰ ਕਿਸੇ ਵੀ ਗਲਤ ਧਾਰਨਾ 'ਚ ਨਾ ਰਹੇ ਕਿ ਕਿਸਾਨ ਫ਼ਸਲ ਦੀ ਕਟਾਈ ਲਈ ਵਾਪਸ ਆਪਣੇ ਘਰ ਜਾਣਗੇ।

ਰੇਲ ਰੋਕੋ ਅੰਦੋਲਨ: ਹਰਿਆਣਾ ’ਚ ਵੀ ਰੇਲ ਦੀਆਂ ਪਟੜੀਆਂ ’ਤੇ ਬੈਠੇ ਕਿਸਾਨ
ਖੇਤੀ ਕਾਨੂੰਨਾਂ ਖ਼ਿਲਾਫ਼ ‘ਰੇਲ ਰੋਕੋ’ ਅੰਦੋਲਨ ਤਹਿਤ ਪੰਜਾਬ ਅਤੇ ਹਰਿਆਣਾ ਵਿਚ ਵੀਰਵਾਰ ਨੂੰ ਕਿਸਾਨ ਕਈ ਥਾਵਾਂ ’ਤੇ ਰੇਲ ਦੀਆਂ ਪਟੜੀਆਂ ’ਤੇ ਬੈਠ ਨਜ਼ਰ ਆਏ। ਕਿਸਾਨ ਅੰਦੋਲਨ ਦੇ ਪ੍ਰਮੁੱਖ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਲਈ ਦਬਾਅ ਬਣਾਉਣ ਨੂੰ ਲੈ ਕੇ ਅੱਜ 12 ਤੋਂ 4 ਵਜੇ ਤੱਕ ਰੇਲ ਰੋਕੋ ਦੀ ਕਾਲ ਦਿੱਤੀ ਸੀ। ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਦਾ ਅਸਰ ਵੇਖਣ ਨੂੰ ਮਿਲਿਆ।

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਰੋਕੀਆਂ ਰੇਲਾਂ, ਪੰਜਾਬ ਸਮੇਤ ਉੱਤਰ ਪ੍ਰਦੇਸ਼-ਬਿਹਾਰ ’ਚ ਵੀ ਅਸਰ
ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵਲੋਂ ਦੇਸ਼ ਭਰ ’ਚ ਰੇਲ ਰੋਕੋ ਅੰਦੋਲਨ ਜਾਰੀ ਹੈ। ਕਿਸਾਨਾਂ ਵਲੋਂ ਦੁਪਹਿਰ 12 ਤੋਂ 4 ਵਜੇ ਤੱਕ ਰੇਲਗੱਡੀਆਂ ਦਾ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਦਾ ਮਕਸਦ ਸਰਕਾਰ ’ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਬਾਅ ਬਣਾਉਣ ਹੈ। ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ।

ਟੂਲਕਿੱਟ ਮਾਮਲਾ: ਪੁਲਸ ਦੀ ਇਸ ਕਾਰਵਾਈ ਖ਼ਿਲਾਫ਼ ਦਿਸ਼ਾ ਰਵੀ ਨੇ ਕੀਤਾ ਅਦਾਲਤ ਦਾ ਰੁਖ਼
ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੀ 'ਟੂਲਕਿੱਟ' ਸਾਂਝੀ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਗਈ ਜਲਵਾਯੂ ਵਰਕਰ ਦਿਸ਼ਾ ਰਵੀ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਦਿਸ਼ਾ ਰਵੀ ਨੇ ਕੋਰਟ 'ਚ ਪਟੀਸ਼ਨ ਦਾਖ਼ਲ ਕਰ ਕੇ ਪੁਲਸ ਨੂੰ ਉਨ੍ਹਾਂ ਵਿਰੁੱਧ ਦਰਜ ਸ਼ਿਕਾਇਤ ਨਾਲ ਜੁੜੀ ਜਾਂਚ ਦੀ ਕੋਈ ਵੀ ਸਮੱਗਰੀ ਮੀਡੀਆ 'ਚ ਲੀਕ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਰਵੀ ਦੇ ਵਕੀਲ ਅਭਿਨਵ ਸੇਖਰੀ ਨੇ ਕਿਹਾ ਕਿ ਉਹ ਪਟੀਸ਼ਨ ਨੂੰ ਹਾਈ ਕੋਰਟ 'ਚ ਸੁਣਵਾਈ ਲਈ ਸੂਚੀਬੱਧ ਕੀਤੇ ਜਾਣ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਇਸ ਤੋਂ ਬਾਅਦ ਹੀ ਇਸ 'ਤੇ ਕੋਈ ਟਿੱਪਣੀ ਕਰਨਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News