''Emergency'' ਦੀ ਰਿਲੀਜ਼ ਡੇਟ ਮੁਲਤਵੀ, ਅਗਲੇ 10 ਦਿਨਾਂ ''ਚ ਹੋਵੇਗਾ ਨਵੀਂ ਤਰੀਕ ਦਾ ਐਲਾਨ

Monday, Sep 02, 2024 - 05:22 AM (IST)

''Emergency'' ਦੀ ਰਿਲੀਜ਼ ਡੇਟ ਮੁਲਤਵੀ, ਅਗਲੇ 10 ਦਿਨਾਂ ''ਚ ਹੋਵੇਗਾ ਨਵੀਂ ਤਰੀਕ ਦਾ ਐਲਾਨ

ਮੁੰਬਈ : ਕੰਗਨਾ ਰਣੌਤ ਸਟਾਰਰ ਫਿਲਮ ਐਮਰਜੈਂਸੀ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ। ਅਗਲੇ 10 ਦਿਨਾਂ ਵਿਚ ਨਵੀਂ ਤਰੀਕ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਰਾਹੀਂ ਦੱਸਿਆ ਸੀ ਕਿ ਉਨ੍ਹਾਂ ਦੀ ਫਿਲਮ 'ਐਮਰਜੈਂਸੀ' ਸੈਂਸਰ ਬੋਰਡ ਕੋਲ ਪੈਂਡਿੰਗ ਹੈ ਅਤੇ ਫਿਲਮ ਨੂੰ ਰਿਲੀਜ਼ ਲਈ ਮਨਜ਼ੂਰੀ ਮਿਲਣ ਦੀਆਂ ਅਫਵਾਹਾਂ ਗਲਤ ਹਨ। 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਇਸ ਫਿਲਮ 'ਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਰਣੌਤ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ।

'ਐਕਸ' 'ਤੇ ਸ਼ੇਅਰ ਕੀਤੇ ਇਕ ਵੀਡੀਓ ਸੰਦੇਸ਼ ਵਿਚ ਰਣੌਤ ਨੇ ਦਾਅਵਾ ਕੀਤਾ ਕਿ ਉਸ ਨੂੰ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਦੇ ਮੈਂਬਰਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸੁਰੱਖਿਆ ਕਰਮੀਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਦੀ ਹੱਤਿਆ ਨੂੰ ਨਾ ਦਿਖਾਉਣ ਲਈ ਉਨ੍ਹਾਂ 'ਤੇ ਦਬਾਅ ਹੈ। ਰਣੌਤ ਨੇ ਕਿਹਾ ਕਿ ਅਫਵਾਹਾਂ ਹਨ ਕਿ ਸਾਡੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ ਹੈ। ਇਹ ਸਹੀ ਨਹੀਂ ਹੈ। ਸੱਚਾਈ ਇਹ ਹੈ ਕਿ ਫਿਲਮ ਨੂੰ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ, ਪਰ ਕਈ ਧਮਕੀਆਂ ਕਾਰਨ ਸਰਟੀਫਿਕੇਟ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੈਂਸਰ ਬੋਰਡ ਦੇ ਲੋਕਾਂ ਨੂੰ ਵੀ ਬਹੁਤ ਧਮਕੀਆਂ ਮਿਲ ਰਹੀਆਂ ਹਨ। ਸਾਡੇ 'ਤੇ ਸ੍ਰੀਮਤੀ ਗਾਂਧੀ ਦੇ ਕਤਲ, ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਪੰਜਾਬ ਵਿਚ ਹੋਏ ਦੰਗਿਆਂ ਨੂੰ ਨਾ ਦਿਖਾਉਣ ਦਾ ਦਬਾਅ ਹੈ। ਮੈਂ ਸਮਝ ਨਹੀਂ ਪਾ ਰਹੀ ਹਾਂ ਕਿ ਸਾਨੂੰ ਫਿਰ ਕੀ ਦਿਖਾਉਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਦੀ ਫਿਲਮ ਐਮਰਜੈਂਸੀ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਦੇ ਘੇਰੇ ਵਿੱਚ ਹੈ।

SGPC ਨੇ ਨਿਰਮਾਤਾਵਾਂ ਨੂੰ ਭੇਜਿਆ ਨੋਟਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ਐਮਰਜੈਂਸੀ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਦਾ ਦਾਅਵਾ ਹੈ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਨੋਟਿਸ ਵਿੱਚ ਅਦਾਕਾਰਾ ਕੰਗਨਾ ਰਣੌਤ ਸਮੇਤ ਫਿਲਮ ਦੇ ਨਿਰਮਾਤਾਵਾਂ ਨੂੰ 14 ਅਗਸਤ ਨੂੰ ਰਿਲੀਜ਼ ਹੋਣ ਵਾਲੇ ਫਿਲਮ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਅਤੇ ਸਿੱਖ ਕੌਮ ਤੋਂ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ।

21 ਅਗਸਤ ਨੂੰ ਸਿੱਖਾਂ ਦੇ ਸਰਵਉੱਚ ਧਾਰਮਿਕ ਬੈਂਚ, ਅਕਾਲ ਤਖ਼ਤ ਅਤੇ ਐੱਸਜੀਪੀਸੀ ਨੇ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਇਹ ਦਾਅਵਾ ਕੀਤਾ ਗਿਆ ਸੀ ਕਿ ਫਿਲਮ ਵਿੱਚ ਸਿੱਖਾਂ ਦਾ 'ਅਕਸ ਖਰਾਬ' ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਫਿਲਮ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਫਿਲਮ 'ਤੇ ਪਾਬੰਦੀ ਲਾਉਣ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਨੂੰ ਵੱਖ-ਵੱਖ ਪੱਤਰ ਲਿਖੇ ਗਏ ਹਨ। ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ’ਤੇ ਚੱਲਦਿਆਂ ਕੰਗਨਾ ਰਣੌਤ ਸਮੇਤ ਫਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ।


author

Baljit Singh

Content Editor

Related News