ਬਜਟ ਸੈਸ਼ਨ : ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਕਾਂਗਰਸ, ਇਨ੍ਹਾਂ ਮੁੱਦਿਆਂ 'ਤੇ ਉਠਾਏਗੀ ਆਵਾਜ਼
Friday, Jan 28, 2022 - 01:36 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ ਸੰਸਦ ਦੇ ਬਜਟ ਸੈਸ਼ਨ 'ਚ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਪੈਕੇਜ, ਮਹਿੰਗਾਈ, ਬੇਰੁਜ਼ਗਾਰੀ, ਕਿਸਾਨਾਂ ਨਾਲ ਜੁੜੇ ਮੁੱਦੇ, ਸਰਹੱਦ 'ਤੇ ਚੀਨ ਨਾਲ ਗਤੀਰੋਧ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਅਨੁਸਾਰ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਪਾਰਟੀ ਦੇ ਸੰਸਦੀ ਰਣਨੀਤੀ ਸਮੂਹ ਦੀ ਹੋਈ ਡਿਜੀਟਲ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਇਸ ਸਮੂਹ 'ਚ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ਦੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਸੀਨੀਅਰ ਨੇਤਾ ਏ.ਕੇ. ਐਂਟਨੀ, ਕੇ.ਸੀ. ਵੇਨੂੰਗੋਪਾਲ, ਆਨੰਦ ਸ਼ਰਮਾ, ਗੌਰਵ ਗੋਗੋਈ, ਕੇ. ਸੁਰੇਸ਼, ਜੈਰਾਮ ਰਮੇਸ਼, ਮਣੀਕਮ ਟੈਗੋਰ, ਮਨੀਸ਼ ਤਿਵਾੜੀ ਅਤੇ ਰਵਣੀਤ ਸਿੰਘ ਬਿੱਟੂ ਸ਼ਾਮਲ ਹਨ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਇਹ ਫ਼ੈਸਲਾ ਵੀ ਕੀਤਾ ਹੈ ਕਿ ਆਮ ਜਨਤਾ ਨਾਲ ਜੁੜੇ ਮੁੱਦਿਆਂ 'ਤੇ ਸਮਾਨ ਵਿਚਾਰਧਾਰਾ ਵਾਲੇ ਦਲਾਂ ਨਾਲ ਤਾਲਮੇਲ ਕਰਦੇ ਹੋਏ ਸਰਕਾਰ ਨੂੰ ਘੇਰਿਆ ਜਾਵੇਗਾ।
ਇਹ ਵੀ ਪੜ੍ਹੋ : ਮਨਜਿੰਦਰ ਸਿਰਸਾ ਦੀ ਪਟੀਸ਼ਨ 'ਤੇ SIT ਨੂੰ ਨੋਟਿਸ, ਕਾਂਗਰਸ ਨੇਤਾ ਕਮਲਨਾਥ ਵਿਰੁੱਧ ਹੋ ਸਕਦੀ ਹੈ ਕਾਰਵਾਈ
ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਕਿਹਾ,''ਕੋਰੋਨਾ ਮਹਾਮਾਰੀ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਪੈਕੇਜ ਦੀ ਮੰਗ ਨੂੰ ਕਾਂਗਰਸ ਇਸ ਸੈਸ਼ਨ 'ਚ ਉਠਾਏਗੀ। ਕਾਂਗਰਸ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੀ ਹੈ ਕੋਰੋਨਾ ਵਾਇਰਸ ਕਾਰਨ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਅਸੀਂ ਇਸੇ ਮੰਗ 'ਤੇ ਜ਼ੋਰ ਦੇਵਾਂਗੇ।'' ਉਨ੍ਹਾਂ ਕਿਹਾ,''ਸਰਹੱਦ 'ਤੇ ਚੀਨ ਦੀ ਵਧਦੇ ਹਮਲੇ ਅਤੇ ਉਸ ਨਾਲ ਚੱਲ ਰਹੇ ਗਤੀਰੋਧ, ਮਹਿੰਗਾਈ, ਬੇਰੁਜ਼ਗਾਰੀ, ਅਰਥਵਿਵਸਥਾ ਦੀ ਸਥਿਤੀ, ਏਅਰ ਇੰਡੀਆ ਅਤੇ ਦੂਜੀ ਸਰਕਾਰ ਕੰਪਨੀਆਂ ਦੇ ਨਿੱਜੀਕਰਨ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਤੋਂ ਜਵਾਬ ਮੰਗਿਆ ਜਾਵੇਗਾ।'' ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰੀ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਕ ਫ਼ਰਵਰੀ ਨੂੰ ਬਜਟ ਪੇਸ਼ ਹੋਵੇਗਾ।
ਨੋਟ : ਇਸ ਖ਼ਬਰ ਸੰਬੰਧੀ ਕੀਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ