ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 5 ਮੁਸਾਫ਼ਰਾਂ ਦੀ ਮੌਤ ਤੇ 20 ਜ਼ਖ਼ਮੀ

Wednesday, Sep 02, 2026 - 10:34 PM (IST)

ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 5 ਮੁਸਾਫ਼ਰਾਂ ਦੀ ਮੌਤ ਤੇ 20 ਜ਼ਖ਼ਮੀ

ਰੀਵਾ : ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਗੁੜ੍ਹ ਥਾਣਾ ਖੇਤਰ ਦੇ ਬਦਵਾਰ ਵਿੱਚ ਇੱਕ ਮੁਸਾਫ਼ਰ ਬੱਸ ਅਤੇ ਇੱਕ ਬਲਕਰ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਸੜਕ 'ਤੇ ਪਲਟ ਗਏ ਅਤੇ ਬੱਸ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 20 ਹੋਰ ਲੋਕ ਜ਼ਖ਼ਮੀ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਮੁਸਾਫ਼ਰ ਬੱਸ ਰੀਵਾ ਤੋਂ ਸੀਧੀ ਵੱਲ ਜਾ ਰਹੀ ਸੀ। ਜਦੋਂ ਇਹ ਬੱਸ ਬਦਵਾਰ ਨੇੜੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਹੇ ਇੱਕ ਬਲਕਰ ਟਰੱਕ ਨਾਲ ਇਸ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਚੀਖ-ਪੁਕਾਰ ਮਚ ਗਈ। ਆਸ-ਪਾਸ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਅਤੇ ਬਚਾਅ ਕਾਰਜਾਂ ਵਿੱਚ ਮਦਦ ਲਈ ਮੌਕੇ 'ਤੇ ਪਹੁੰਚ ਗਏ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਜ਼ਿਲ੍ਹਾ ਕੁਲੈਕਟਰ ਨਰਿੰਦਰ ਕੁਮਾਰ ਸੂਰਿਆਵੰਸ਼ੀ ਅਤੇ ਐੱਸ.ਪੀ. ਗੁਰੂਕਰਨ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਘਟਨਾ ਸਥਾਨ 'ਤੇ ਪਹੁੰਚੇ। ਬਚਾਅ ਕਾਰਜਾਂ ਲਈ ਮੌਕੇ 'ਤੇ ਜੇਸੀਬੀ ਮਸ਼ੀਨ ਵੀ ਬੁਲਵਾਈ ਗਈ। ਪੁਲਸ ਅਤੇ ਸਥਾਨਕ ਲੋਕਾਂ ਨੇ ਮਿਲ ਕੇ ਨੁਕਸਾਨੇ ਗਏ ਵਾਹਨਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ। ਸਾਰੇ ਜ਼ਖ਼ਮੀਆਂ ਨੂੰ ਐਂਬੂਲੈਂਸਾਂ ਅਤੇ ਹੋਰ ਵਾਹਨਾਂ ਦੀ ਮਦਦ ਨਾਲ ਰੀਵਾ ਦੇ ਸੰਜੇ ਗਾਂਧੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਹੀ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। 

ਇਸ ਭਿਆਨਕ ਹਾਦਸੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਫਿਲਹਾਲ ਪੁਲਸ ਵੱਲੋਂ ਘਟਨਾ ਦੀ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।


author

Inder Prajapati

Content Editor

Related News