ਭਾਰਤ ਲਈ ਮਨਮੋਹਨ ਸਿੰਘ ਦਾ ਯੋਗਦਾਨ ਹਮੇਸ਼ਾ ਰੱਖਿਆ ਜਾਵੇਗਾ ਯਾਦ : RSS
Friday, Dec 27, 2024 - 12:19 PM (IST)

ਨਵੀਂ ਦਿੱਲੀ- ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਅਤੇ ਇਸ ਦੇ ਜਨਰਲ ਸਕੱਤਰ ਦੱਤਾਤ੍ਰੇਯ ਹੋਸਾਬਲੇ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਰਤ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਇਕ ਸਾਂਝੇ ਬਿਆਨ 'ਚ ਕਿਹਾ,''ਪੂਰਾ ਰਾਸ਼ਟਰ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਸੀਨੀਅਰ ਨੇਤਾ ਡਾ. ਮਨਮੋਹਨ ਸਿੰਘ ਦੇ ਦਿਹਾਂਤ ਨਾਲ ਦੁਖੀ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਅਤੇ ਉਨ੍ਹਾਂ ਦੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ।''
ਉਨ੍ਹਾਂ ਨੇ ਬਿਆਨ 'ਚ ਕਿਹਾ,''ਪ੍ਰਸਿੱਧ ਅਰਥ ਸ਼ਾਸਤਰੀ ਡਾ. ਸਿੰਘ ਦੇ ਭਾਰਤ ਲਈ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।'' ਭਾਰਤ 'ਚ ਆਰਥਿਕ ਸੁਧਾਰਾਂ ਦੇ ਪਿਤਾਮਾ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) 'ਚ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਕਾਂਗਰਸ ਨੇਤਾ ਸਿੰਘ 2004 ਤੋਂ 2014 ਤੱਕ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਵਜੋਂ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨ 'ਚ ਮਦਦ ਕੀਤੀ। ਉਹ ਗਲੋਬਲ ਵਿੱਤੀ ਅਤੇ ਆਰਥਿਕ ਖੇਤਰਾਂ 'ਚ ਇੱਕ ਜਾਣਿਆ-ਪਛਾਣਿਆ ਨਾਮ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8