ਕੇਂਦਰ ਹਿੰਦੂਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਬੰਗਲਾਦੇਸ਼ ਨਾਲ ਕਰੇ ਗੱਲ : RSS
Monday, Sep 02, 2024 - 05:20 PM (IST)
ਪਲੱਕੜ (ਭਾਸ਼ਾ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਰਾਸ਼ਟਰੀ ਕੋਆਰਡੀਨੇਟਰ ਸੰਮੇਲਨ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਹਿੰਦੂਆਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਬੰਗਲਾਦੇਸ਼ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਆਰ.ਐੱਸ.ਐੱਸ. ਦੇ ਅਖਿਲ ਭਾਰਤੀ ਪ੍ਰਚਾਰ ਮੁਖੀ ਸੁਨੀਲ ਆਂਬੇਕਰ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਸੋਮਵਾਰ ਨੂੰ ਇੱਥੇ ਸੰਪੰਨ ਹੋਏ ਤਿੰਨ ਦਿਨਾ ਸੰਮੇਲਨ 'ਕੋਆਰਡੀਨੇਟਰ ਬੈਠਕ' 'ਚ ਬੰਗਲਾਦੇਸ਼ ਦੀ ਸਥਿਤੀ ਨੂੰ 'ਬਹੁਤ ਸੰਵੇਦਨਸ਼ੀਲ ਮੁੱਦਾ' ਦੱਸਿਆ ਗਿਆ।
ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਵੱਖ-ਵੱਖ ਸੰਗਠਨਾਂ ਨੇ ਬੰਗਲਾਦੇਸ਼ ਦੀ ਸਥਿਤੀ 'ਤੇ ਵੇਰਵਾ ਰਿਪੋਰਟ ਪੇਸ਼ ਕੀਤੀ। ਆਂਬੇਕਰ ਨੇ ਕਿਹਾ,''ਬੇਸ਼ੱਕ ਇਹ ਬਹੁਤ ਸੰਵੇਦਨਸ਼ੀਲ ਮੁੱਦਾ ਹੈ। ਬੰਗਲਾਦੇਸ਼ 'ਚ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਨੂੰ ਲੈ ਕੇ ਹਰ ਕੋਈ ਚਿੰਤਤ ਹੈ।'' ਉਨ੍ਹਾਂ ਕਿਹਾ ਕਿ ਵੱਖ-ਵੱਖ ਸੰਗਠਨਾਂ ਨੇ ਆਪਣੇ ਪ੍ਰਤੀਨਿਧੀਆਂ ਅਤੇ ਬਿਆਨਾਂ ਦੇ ਮਾਧਿਅਮ ਨਾਲ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬੰਗਲਾਦੇਸ਼ ਸਰਕਾਰ ਨਾਲ ਮਿਲ ਕੇ ਕੰਮ ਕਰਨ ਤਾਂ ਕਿ ਉੱਥੇ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਕੀਤੀ ਜਾ ਸਕੇ। ਸ਼ੇਖ ਹਸੀਨਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਰਤ ਆਉਣ ਤੋਂ ਬਾਅਦ ਬੰਗਲਾਦੇਸ਼ 'ਚ ਕਈ ਹਿੰਦੂ ਮੰਦਰਾਂ, ਮਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਨੌਕਰੀਆਂ 'ਚ ਵਿਵਾਦਿਤ ਕੋਟਾ ਪ੍ਰਣਾਲੀ ਨੂੰ ਲੈ ਕੇ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਦੇਸ਼ 'ਚ ਹੱਲਚੱਲ ਪੈਦਾ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8