ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 25 ਮਾਰਚ ਤੱਕ ਮੁਲਤਵੀ

03/15/2019 12:22:25 PM

ਨਵੀਂ ਦਿੱਲੀ— 1984 ਸਿੱਖ ਵਿਰੋਧੀ ਦੰਗੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ। ਜਸਟਿਸ ਐੱਸ.ਏ. ਬੋਬੜੇ ਅਤੇ ਅਬਦੁੱਲ ਨਜੀਰ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਜ਼ਮਾਨਤ ਪਟੀਸ਼ਨ 25 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਦਰਅਸਲ ਪਿਛਲੀ ਸੁਣਵਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਅਪੀਲ ਅਤੇ ਜ਼ਮਾਨਤ ਪਟੀਸ਼ਨ 'ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰ ਕੇ 6 ਹਫਤੇ 'ਚ ਜਵਾਬ ਮੰਗਿਆ ਸੀ।

ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫੈਸਲਾ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲੇਆਮ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ 'ਤੇ 5 ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਸੀ। ਹਾਈ ਕੋਰਟ ਨੇ ਬਾਕੀ 5 ਦੋਸ਼ੀਆਂ 'ਤੇ ਇਕ-ਇਕ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਸੀ, ਜਿਨ੍ਹਾਂ 'ਚ ਬਲਵਾਨ ਖੋਖਰ, ਕੈਪਟਨ ਭਾਗਮਨ, ਗਿਰਧਾਰੀ ਲਾਲ ਨੂੰ ਉਮਰ ਕੈਦ ਜਦੋਂ ਕਿ ਮਹੇਂਦਰ ਯਾਦਵ ਅਤੇ ਕਿਸ਼ ਖੋਖਰ ਦੀ ਸਜ਼ਾ 3 ਤੋਂ 10 ਸਾਲ ਵਧਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਕੈਂਟ ਦੇ ਰਾਜ ਨਗਰ 'ਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ।

DIsha

This news is Content Editor DIsha