ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
Tuesday, Oct 06, 2026 - 03:25 PM (IST)
ਨਵੀਂ ਦਿੱਲੀ (ਏਜੰਸੀ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਅਤੇ ਲੋਕ ਸਭਾ ਮੈਂਬਰ ਡਾ. ਸੰਬਿਤ ਪਾਤਰਾ ਨੇ ਸੋਮਵਾਰ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਭ੍ਰਿਸ਼ਟਾਚਾਰ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ। ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਤਰਾ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (ਸਰਕਾਰੀ ਸਹਾਇਕ) ਰਣਬੀਰ ਸਿੰਘ ਗੁਮਾਨ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦਾ ਹੁਕਮ ਸੂਬਾ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਇਕ ਡਿਵੀਜ਼ਨ ਬੈਂਚ ਨੇ ਇਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਓਐੱਸਡੀ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਜਾਂਚ ਪੂਰੀ ਕਰਨ ਅਤੇ ਲਗਭਗ 2 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਭਾਜਪਾ ਬੁਲਾਰੇ ਨੇ ਦੋਸ਼ ਲਗਾਇਆ ਕਿ ਓਐੱਸਡੀ ਅਤੇ ਕੁਝ ਹੋਰ ਅਧਿਕਾਰੀ ਕਥਿਤ ਤੌਰ 'ਤੇ ਲੋਕਾਂ ਨੂੰ ਸਰਕਾਰੀ ਲਾਭ ਵੰਡਣ 'ਚ ਵਿਚੋਲੇ ਵਜੋਂ ਕੰਮ ਕਰ ਰਹੇ ਸਨ ਅਤੇ ਇਸ ਦੇ ਬਦਲੇ ਕਥਿਤ ਤੌਰ 'ਤੇ ਰਿਸ਼ਵਤ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਐਡਵੋਕੇਟ ਨਿਖਿਲ ਸ਼ਰਾਫ ਨੇ ਇਨ੍ਹਾਂ ਦੋਸ਼ਾਂ ਬਾਰੇ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਖੁਦ ਪਾਰਟੀ ਤੋਂ ਜਵਾਬ ਮੰਗੇ। ਉਨ੍ਹਾਂ ਨੇ ਕਥਿਤ ਘਪਲੇ 'ਚ ਪੈਸੇ ਦੇ ਲੈਣ-ਦੇਣ ਦੀ ਮਾਤਰਾ ਅਤੇ ਮੁੱਖ ਮੰਤਰੀ ਦੇ ਕਰੀਬੀ ਲੋਕਾਂ ਦੇ ਸ਼ਾਮਲ ਹੋਣ ਬਾਰੇ ਸਵਾਲ ਚੁੱਕੇ।
ਸੰਬਿਤ ਪਾਤਰਾ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਭ੍ਰਿਸ਼ਟਾਚਾਰ ਅਤੇ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਸਵਾਲ ਚੁੱਕਦੀ ਆ ਰਹੀ ਹੈ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਨੇ ਇਸ ਦੇ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵੀ ਸੂਬਾ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 48 ਘੰਟਿਆਂ 'ਚ ਸੂਬੇ 'ਚ ਚਾਰ ਕਤਲ ਹੋਏ ਹਨ। ਉਨ੍ਹਾਂ ਨੇ ਅੰਮ੍ਰਿਤਸਰ 'ਚ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅਪ ਕਲਾਕਾਰ ਮੈਡ ਸੰਧੂ ਦੇ ਕਤਲ ਅਤੇ ਲੁਧਿਆਣਾ 'ਚ ਸਾਬਕਾ ਸਰਪੰਚ ਨਵਤੇਜ ਸਿੰਘ, 29 ਸਾਲਾ ਲਾਡੀ ਖਾਨ ਅਤੇ 35 ਸਾਲਾ ਦਿਨੇਸ਼ ਕੁਮਾਰ ਦੇ ਕਤਲ ਦਾ ਹਵਾਲਾ ਦਿੱਤਾ।
ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀਆਂ ਅਪਰਾਧਕ ਘਟਨਾਵਾਂ ਤੋਂ ਇਹ ਸਵਾਲ ਉੱਠਦਾ ਹੈ ਕਿ ਕੀ ਅਪਰਾਧੀਆਂ ਨੂੰ ਸਰਕਾਰ ਅਤੇ ਪੁਲਸ ਦਾ ਕੋਈ ਡਰ ਰਹਿ ਗਿਆ ਹੈ। ਭਾਜਪਾ ਬੁਲਾਰੇ ਨੇ ਪੁਲਸ ਕਰਮਚਾਰੀਆਂ ਦੀ ਸੁਰੱਖਿਆ ਬਾਰੇ ਵੀ ਸਵਾਲ ਚੁੱਕੇ। ਉਨ੍ਹਾਂ ਨੇ 22 ਫਰਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ 'ਚ ਡਿਊਟੀ ਦੌਰਾਨ ਏਐੱਸਆਈ (ਅਸਿਸਟੈਂਟ ਸਬ ਇੰਸਪੈਕਟਰ) ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀ ਮੌਤ, 24 ਮਈ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਏਐੱਸਆਈ ਜੋਗਾ ਸਿੰਘ 'ਤੇ ਹੋਏ ਹਮਲੇ ਅਤੇ ਸਤੰਬਰ 'ਚ ਏਐੱਸਆਈ ਹਰਜੀਤ ਸਿੰਘ ਦੇ ਕਤਲ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ 23 ਸਤੰਬਰ ਨੂੰ ਏਐੱਸਆਈ ਜਸਵੰਤ ਸਿੰਘ 'ਤੇ ਕਥਿਤ ਹਮਲੇ ਦੀ ਕੋਸ਼ਿਸ਼ ਅਤੇ 4 ਅਕਤੂਬਰ ਨੂੰ ਏਐੱਸਆਈ ਸੁਖਚੈਨ 'ਤੇ ਗੋਲੀਬਾਰੀ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਭਾਜਪਾ ਦੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬਲਤੇਜ ਪੰਨੂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਇਹ ਨਹੀਂ ਚਾਹੁੰਦੀ ਕਿ ਪੰਜਾਬ ਦੇ ਲੋਕਾਂ ਨੂੰ ਜਿਹੜੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਜਾਰੀ ਰਹਿਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
