ਕਿਸਾਨ ਦੇਸ਼ ਦੀ ਰੀੜ੍ਹ ਹੈ ਪਰ ਸਰਕਾਰ ਕਰ ਰਹੀ ਹੈ ਨਜ਼ਰ ਅੰਦਾਜ਼: ਰਾਊਤ
Wednesday, Dec 23, 2020 - 02:59 PM (IST)
ਮੁੰਬਈ (ਭਾਸ਼ਾ)— ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਸਿੰਘ ਰਾਊਤ ਨੇ ਕਿਸਾਨਾਂ ਨੂੰ ਰੀੜ੍ਹ ਦੀ ਹੱਡੀ ਦੱਸਿਆ ਅਤੇ ਕਿਹਾ ਕਿ ਇਹ ਬਦਕਿਮਸਤੀ ਹੈ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਰਾਸ਼ਟਰੀ ਕਿਸਾਨ ਦਿਵਸ ਦੇ ਮੌਕੇ ’ਤੇ ਰਾਊਤ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਕਿਸਾਨ ਅੰਦੋਲਨ ਬਾਰੇ ਰਾਊਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੰਕਾਰ ਤਿਆਗ ਕੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ।
ਰਾਊਤ ਨੇ ਅੱਗੇ ਕਿਹਾ ਕਿ ਅੱਜ ਮਨਾਇਆ ਜਾ ਰਿਹਾ ਕਿਸਾਨ ਦਿਹਾੜਾ ਕਿਸਾਨਾਂ ਲਈ ਇਕ ‘ਕਾਲਾ ਦਿਨ’ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਹਨ ਪਰ ਕੁਝ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਉਨ੍ਹਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਰਾਊਤ ਨੇ ਦਾਅਵਾ ਕੀਤਾ ਕਿ ਅੰਦੋਲਨ ’ਚ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਪਣਾ ਹੰਕਾਰ ਤਿਆਗ ਕੇ ਕਿਸਾਨਾਂ ਨਾਲ ਗੱਲ ਕਰੋ। ਮੈਂ ਹੱਥ ਜੋੜ ਕੇ ਪ੍ਰਾਰਥਨਾ ਕਰਦਾ ਹਾਂ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋਧ ਲਈ ਤਿਆਰ ਹੈ। ਕਿਸਾਨ ਨੂੰ ਖ਼ਦਸ਼ਾ ਹੈ ਕਿ ਇਨ੍ਹਾਂ ਕਾਨੂੰਨਾਂ ਕਾਰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਰਹਿਣਾ ਪਵੇਗਾ।