ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਕਰੋਟ ਨੇ 7 ਮਾਰਚ ਤਕ ਵਧਾਈ ਨਿਆਂਇਕ ਹਿਰਾਸਤ

Saturday, Mar 02, 2024 - 02:48 PM (IST)

ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਕਰੋਟ ਨੇ 7 ਮਾਰਚ ਤਕ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ 7 ਮਾਰਚ ਤੱਕ ਵਧਾ ਦਿੱਤੀ ਹੈ। ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਗਿਆ।

ਤਿਹਾੜ ਜੇਲ੍ਹ 'ਚ ਬੰਦ ਹਨ ਮਨੀਸ਼ ਸਿਸੋਦੀਆ

ਸੀ.ਬੀ.ਆਈ. ਨੇ ਪਿਛਲੇ ਸਾਲ 26 ਫਰਵਰੀ ਨੂੰ ਸਿਸੋਦੀਆ ਨੂੰ ਹੁਣ ਖਤਮ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਬਾਅਦ ਵਿੱਚ ਉਸ ਨੂੰ 9 ਮਾਰਚ ਨੂੰ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਜਦੋਂ ਉਹ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ। ਸੰਜੇ ਸਿੰਘ ਨੂੰ ਈ.ਡੀ. ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਨੇ ਅਦਾਲਤ ਨੂੰ ਦੱਸਿਆ ਸੀ ਕਿ ਸੰਜੇ ਸਿੰਘ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਸ਼ਰਾਬ ਸਮੂਹਾਂ ਤੋਂ ਰਿਸ਼ਵਤ ਇਕੱਠੀ ਕਰਨ ਦੀ ਸਾਜ਼ਿਸ਼ ਦਾ ਹਿੱਸਾ ਸਨ।

ਜਾਣੋ ਪੂਰਾ ਮਾਮਲਾ

ਦਿੱਲੀ ਸ਼ਰਾਬ ਘਪਲਾ ਮਾਮਲਾ ਜਾਂ ਆਬਕਾਰੀ ਨੀਤੀ ਕੇਸ ਇਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਨੇ ਕਾਰਟੇਲਾਈਜ਼ੇਸ਼ਨ ਦੀ ਇਜਾਜ਼ਤ ਦਿੱਤੀ ਅਤੇ ਕੁਝ ਡੀਲਰਾਂ ਦਾ ਪੱਖ ਪੂਰਿਆ, ਜਿਨ੍ਹਾਂ ਨੇ ਕਥਿਤ ਤੌਰ 'ਤੇ ਰਿਸ਼ਵਤ ਦਿੱਤੀ। ਹਾਲਾਂਕਿ 'ਆਪ' ਨੇ ਇਨ੍ਹਾਂ ਦੋਸ਼ਾਂ ਦਾ ਜ਼ੋਰਦਾਰ ਖੰਡਨ ਕੀਤਾ ਹੈ। ਪਿਛਲੇ ਸਾਲ ਈ.ਡੀ. ਨੇ ਇਸ ਮਾਮਲੇ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਏਜੰਸੀ ਨੇ ਕਿਹਾ ਕਿ ਉਸ ਨੇ ਦਿੱਲੀ ਦੇ ਉਪ ਰਾਜਪਾਲ ਦੀ ਸਿਫ਼ਾਰਸ਼ 'ਤੇ ਦਰਜ ਕੀਤੇ ਸੀ.ਬੀ.ਆਈ. ਕੇਸ ਦਾ ਨੋਟਿਸ ਲੈਂਦਿਆਂ ਐਫ.ਆਈ.ਆਰ. ਦਰਜ ਕਰਨ ਤੋਂ ਬਾਅਦ ਹੁਣ ਤੱਕ ਇਸ ਮਾਮਲੇ ਵਿੱਚ 200 ਤੋਂ ਵੱਧ ਖੋਜ ਅਭਿਆਨ ਚਲਾਏ ਹਨ।


author

Rakesh

Content Editor

Related News